ਕੋਟਕਪੂਰਾ 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਤਹਿਸੀਲਦਾਰ ਪਰਮਿੰਦਰ ਸਿੰਘ ਵਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨਾਸ ਵਿਖੇ 30 ਸਤੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਡਰੋਨ ਸ਼ੋਅ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਿੱਚ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਪੀਣ ਵਾਲੇ ਸਾਫ ਪਾਣੀ ਤੇ ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 500 ਤੋਂ ਵੱਧ ਆਧੁਨਿਕ ਡਰੋਨ ਦੀ ਮਦਦ ਨਾਲ ਅਲੌਕਿਕ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤੇ ਸਾਰੇ ਸਮਾਗਮ ਵਾਲੇ ਸਥਾਨਾਂ ਤੇ ਲੋੜੀਂਦੀ ਪੁਲਿਸ ਤੈਨਾਤ ਕੀਤੀ ਜਾਵੇਗੀ। ਉਨ੍ਹਾਂ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਸਮਾਗਮ ਵਿੱਚ ਆਉਣ ਦੀ ਅਪੀਲ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਕੇਵਲ ਸਿੰਘ, ਹੁਕਮ ਚੰਦ, ਰਾਮ ਚੰਦ ਕਟਾਰੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

