ਕੋਟਕਪੂਰਾ, 30 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਕਰੀਅਰ ਦੀ ਸਹੀ ਦਿਸ਼ਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10.00 ਤੋਂ ਦੁਪਹਿਰ 1.00 ਵਜੇ ਤੱਕ ਸਥਾਨਕ ਮੁਕਤਸਰ ਰੋਡ ’ਤੇ ਗੋਬਿੰਦ ਅਸਟੇਟ ਵਿਖੇ ਸਥਿੱਤ ‘ਦਿ ਬਲੂਮਿੰਗਡੇਲ ਸਕੂਲ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿੱਚ ਮਾਹਿਰਾਂ ਵੱਲੋਂ ਵਿਦਿਆਰਥੀਆਂ ਦੀ ਰੁਚੀ ਅਤੇ ਯੋਗਤਾ ਦੇ ਆਧਾਰ ’ਤੇ ਸਹੀ ਵਿਸ਼ੇ ਦੀ ਚੋਣ, ਕਰੀਅਰ ਦੀ ਦਿਸ਼ਾ ਅਤੇ ਭਵਿੱਖ ਦੀ ਯੋਜਨਾਬੰਦੀ ਸਬੰਧੀ ਮਾਰਗਦਰਸ਼ਨ ਦਿੱਤਾ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਅਤੇ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਵਿੱਦਿਆ ਦੇ ਖੇਤਰ ਨਾਲ ਜੁੜਿਆ ਹੋਇਆ ਹੈ ਅਤੇ ਸਿੱਖਿਆ ਨੂੰ ਹਮੇਸ਼ਾ ਬੱਚਿਆਂ ਦੇ ਉੱਜਵਲ ਭਵਿੱਖ ਦੀ ਬੁਨਿਆਦ ਮੰਨਿਆ ਗਿਆ ਹੈ। ਇਸੇ ਸੋਚ ਤਹਿਤ ਵਿਦਿਆਰਥੀਆਂ ਨੂੰ ਸਹੀ ਸਮੇਂ ’ਤੇ ਸਹੀ ਕਰੀਅਰ ਚੁਣਨ ਵਿੱਚ ਮੱਦਦ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਸਾਹਮਣੇ ਕਰੀਅਰ ਦੇ ਬਹੁਤ ਸਾਰੇ ਵਿਕਲਪ ਹਨ, ਇਸ ਲਈ ਮਾਹਿਰਾਂ ਦੀ ਸਲਾਹ ਰਾਹੀਂ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਫੈਸਲਾ ਲੈਣਾ ਮਹੱਤਵਪੂਰਨ ਹੈ। ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕਰਵਾਇਆ ਜਾ ਰਿਹਾ ਇਹ ਕੈਂਪ ਵਿਦਿਆਰਥੀਆਂ ਅਤੇ ਮਾਪਿਆਂ ਲਈ ਲਾਹੇਵੰਦ ਰਹੇਗਾ।

