*ਛੇ ਵਿਧਾਨ ਸਭਾ ਹਲਕਿਆਂ ਵਿੱਚ ਐਸ.ਆਈ.ਆਰ. ਦੀ ਪ੍ਰਕਿਰਿਆ ਮੁਕੰਮਲ, ਬਾਕੀ ਹਲਕਿਆਂ ਵਿੱਚ ਕੰਮ ਜੰਗੀ ਪੱਧਰ ’ਤੇ ਜਾਰੀ*
ਲੁਧਿਆਣਾ, 1 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼)
ਲੁਧਿਆਣਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੀ ਪ੍ਰਕਿਰਿਆ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਹੁਣ ਤੱਕ ਜ਼ਿਲ੍ਹੇ ਭਰ ਵਿੱਚ 97.97 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 67-ਪਾਇਲ, 68-ਦਾਖਾ ਅਤੇ 69-ਰਾਏਕੋਟ ਵਿੱਚ ਐਸ.ਆਈ.ਆਰ. 2026 ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਉਨ੍ਹਾਂ ਵੋਟਰਾਂ ਨਾਲ ਸਿੱਧਾ ਸੰਪਰਕ ਕਰਨਗੇ, ਜਿਨ੍ਹਾਂ ਦੇ ਮਾਮਲਿਆਂ ਵਿੱਚ ਨੋਟਿਸ ਜਾਰੀ ਹੋਏ ਹਨ ਜਾਂ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਦਫ਼ਤਰਾਂ ਵਿੱਚ ਬੁਲਾਉਣ ਦੀ ਬਜਾਏ ਬੀ.ਐਲ.ਓ. ਖ਼ੁਦ ਉਨ੍ਹਾਂ ਤੋਂ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਕਦਮ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈਆਂ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਦੇ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕੁਝ ਕੰਮ ਬਕਾਇਆ ਹੈ, ਉੱਥੇ ਵੋਟਰਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਦੇ ਅੰਤ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਸਵਾਲਾਂ ਅਤੇ ਚਿੰਤਾਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਦਾ ਦਫ਼ਤਰ ਸਮੁੱਚੀ ਚੋਣ ਮਸ਼ੀਨਰੀ ਨਾਲ ਤਾਲਮੇਲ ਕਰਕੇ ਇਸ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਲੋੜ ਪੈਣ ’ਤੇ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਮੁਹੱਈਆ ਕਰਵਾਉਣ।
