ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐਮ.ਸ਼੍ਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਲਾਸਰੂਮ ਤੋਂ ਬਾਹਰ ਪ੍ਰਤੱਖ ਅਨੁਭਵ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਪੁਰੀ, ਕੋਟਕਪੂਰਾ ਵੱਲੋਂ ਹੈੱਡਮਾਸਟਰ ਸ਼੍ਰੀ ਮਨੀਸ਼ ਛਾਬੜਾ ਦੀ ਅਗਵਾਈ ਹੇਠ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਐਕਸਪੋਜ਼ਰ ਵਿਜ਼ਿਟਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ਼੍ਰੀ ਮਨੀਸ਼ ਛਾਬੜਾ ਜੀ ਨੇ ਦੱਸਿਆ ਕਿ ਜਮਾਤ ਛੇਵੀਂ ਦੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਵਿਖੇ ਲਿਜਾਇਆ ਗਿਆ, ਜਮਾਤ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਨੇ ਕਿਲ੍ਹਾ ਮੁਬਾਰਕ, ਫਰੀਦਕੋਟ, ਗੁਰਦੁਆਰਾ ਸ੍ਰੀ ਸਾਰਾਗੜ੍ਹੀ ਅਤੇ ਫਿਰੋਜ਼ਪੁਰ ਬਾਰਡਰ ਦਾ ਦੌਰਾ ਕੀਤਾ। ਇਸੇ ਤਰ੍ਹਾਂ ਜਮਾਤ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਗਏ।ਇਨ੍ਹਾਂ ਯਾਤਰਾਵਾਂ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਸਥਾਨਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਵੱਖ-ਵੱਖ ਸਥਾਨਾਂ ਦੀ ਇਤਿਹਾਸਕ ਅਤੇ ਵਿਦਿਅਕ ਮਹੱਤਤਾ ਨੂੰ ਨੇੜਿਓਂ ਸਮਝਿਆ। ਇਸ ਮੌਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਯਾਤਰਾਵਾਂ ਦਾ ਭਰਪੂਰ ਆਨੰਦ ਮਾਣਿਆ। ਹੈੱਡਮਾਸਟਰ ਸ਼੍ਰੀ ਮਨੀਸ਼ ਛਾਬੜਾ ਨੇ ਦੱਸਿਆ ਕਿ ਇਨ੍ਹਾਂ ਵਿਜ਼ਿਟਾਂ ਨੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਵਿਰਾਸਤ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।
