
ਫਰੀਦਕੋਟ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਗੁਰਬਾਣੀ ਦੇ ਗਾਇਨ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਗੁਰੂ ਜੀ ਪ੍ਰਤੀ ਉਨ੍ਹਾਂ ਦੀ ਡੂੰਘੀ ਸ਼ਰਧਾ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਪੰਜਾਬ ਵਿਚ 4 ਵਿਸ਼ਾਲ ਨਗਰ ਕੀਰਤਨ ਬਹੁਤ ਜਲਦ ਕੱਢੇ ਜਾਣਗੇ। ਇਕ ਨਗਰ ਕੀਰਤਨ ਫਰੀਦਕੋਟ ਤੋਂ ਕੱਢਿਆ ਜਾਣਾ ਹੈ। ਸਭ ਨੂੰ ਵੱਡੇ ਪੱਧਰ ਤੇ ਬੱਚਿਆਂ, ਨੌਜਵਾਨ ਪੀੜ੍ਹੀ ਬਜੁਰਗਾਂ ਨੂੰ ਉਸ ਦਾ ਹਿੱਸਾ ਬਣਾਇਆ ਜਾਵੇਗਾ, ਤਾਂ ਜੋ ਅਸੀਂ ਸਾਰੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਆਪਣਾ ਜੀਵਨ ਸਫਲ ਬਣਾ ਸਕੀਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਸੰਗਤ ਲਈ ਲੰਗਰ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਲੰਗਰ ਕਮੇਟੀ ਮਾਤਾ ਖੀਵੀ ਜੀ, ਸਫਾਈ ਕਮੇਟੀ, ਜੋੜਾ ਘਰ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ। ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਰੋਨਾਂ ਰਾਹੀਂ ਕੀਤੀ ਗਈ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਇਸ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਦੀ ਧਰਮਪਤਨੀ ਬੇਅੰਤ ਕੌਰ ਸੇਖੋਂ, ਵੀਰਪਾਲ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਅਨਮੋਲ ਸਿੰਘ ਸੇਖੋਂ, ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ੍ਰੀ ਸੰਦੀਪ ਮਲਹੋਤਰਾ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਐਸ.ਡੀ.ਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਨਾਇਬ ਤਹਿਸੀਲਦਾਰ ਹਰਸ਼ਦੀਪ ਗੋਈਲ ਫਰੀਦਕੋਟ, ਪ੍ਰਧਾਨ ਨਗਰ ਕੌਂਸਲ ਬਲਜਿੰਦਰ ਸਿੰਘ ਅਹੂਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

