ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਮਾਊਂਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਕੋਟਕਪੂਰਾ/ਫਰੀਦਕੋਟ, 5 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਆਯੋਜਨ 1 ਅਕਤੂਬਰ ਤੋਂ 5 ਅਕਤੂਬਰ ਤੱਕ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ, ਜਿਸ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-21 ਵਰਗ ਵਿੱਚ ਅੰਸ਼ਪ੍ਰੀਤ ਕੌਰ ਨੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਅਤੇ ਲਾਂਗ ਜੰਪ ਵਿੱਚ ਵੀ ਸੋਨੇ ਦਾ ਤਮਗਾ ਹਾਸਲ ਕਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਅਰਸ਼ਪ੍ਰੀਤ ਕੌਰ ਨੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਅਤੇ 400 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਪਵਨਪ੍ਰੀਤ ਕੌਰ ਨੇ ਹਾਈ ਜੰਪ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਅਤੇ ਲਾਂਗ ਜੰਪ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕਰ ਜਿੱਤ ਪ੍ਰਾਪਤ ਕੀਤੀ। ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ। ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 15 ਅਕਤੂਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਕਰਵਾਏ ਜਾਣਗੇ। ਸਕੂਲ ਪਰਿਵਾਰ ਨੂੰ ਉਮੀਦ ਹੈ ਕਿ ਪਵਨਪ੍ਰੀਤ ਕੌਰ ਰਾਜ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਫਰੀਦਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਕਰੇਗੀ। ਸਕੂਲ ਦੇ ਚੇਅਰਮੈਨ ਇੰਜੀ ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪਿ੍ਰੰਸੀਪਲ ਡਾ. ਧਵਨ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ ਅਤੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।

