ਕੋਟਕਪੂਰਾ, 6 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੀ ਅੰਡਰ-14 ਕਬੱਡੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਖੁਸ਼ਵੀਰ ਸਿੰਘ, ਨਿਸ਼ਾਨ ਸਿੰਘ, ਮਨਵਿੰਦਰ ਸਿੰਘ, ਵਰਿੰਦਰ ਸਿੰਘ ਭੱਟੀ, ਪ੍ਰਭਜੀਤ ਸਿੰਘ, ਜਗਮਨਦੀਪ ਸਿੰਘ, ਹਰਜਪ ਸਿੰਘ ਅਤੇ ਪ੍ਰਿੰਸਵੀਰ ਸਿੰਘ ਨੇ ਬਹੁਤ ਹੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਜਸਕਰਨ ਸਿੰਘ ਅਤੇ ਕੋਚ ਜਸ਼ਨਦੀਪ ਸਿੰਘ ਦੀ ਮਿਹਨਤ, ਯੋਗ ਅਗਵਾਈ ਅਤੇ ਖਿਡਾਰੀਆਂ ਦੀ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।

