ਕੋਟਕਪੂਰਾ, 8 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਦੀ ਲੜੀ ਤਹਿਤ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਡਿਊਟੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਉਣ ਲਈ ਲਗਾਈ ਗਈ। ਇਸੇ ਤਹਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਦੇ ਚੇਅਰਮੈਨ ਸ੍ਰੀ ਵਾਸੂਦੇਵ ਸ਼ਰਮਾ ਜੀ ਦੇ ਸਹਿਯੋਗ ਨਾਲ ਇਹ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਪਨਾਸ਼ਕਤੀ, ਰਚਨਾਤਮਕ ਸੋਚ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਰੰਗਾਂ ਰਾਹੀਂ ਆਪਣੇ ਵਿਚਾਰਾਂ ਨੂੰ ਕਾਗਜ਼ ’ਤੇ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਮੁਕਾਬਲੇ ਦੌਰਾਨ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਚੇਅਰਮੈਨ ਸ੍ਰੀ ਵਾਸੂਦੇਵ ਸ਼ਰਮਾ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਰਚਨਾਤਮਕ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਨ ਲਈ ਬਹੁਤ ਜ਼ਰੂਰੀ ਹਨ। ਹਰਵਿੰਦਰ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਅਜਿਹੇ ਰਚਨਾਤਮਕ ਅਤੇ ਸਿੱਖਿਆਦਾਇਕ ਉਪਰਾਲਿਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੰਚ ਪ੍ਰਦਾਨ ਕੀਤਾ ਜਾ ਸਕੇ।

