ਕੋਟਕਪੂਰਾ/ਫਰੀਦਕੋਟ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਅੰਕ ਕਾਨੂੰਗੋ ਅੱਜ ਇਤਿਹਾਸਕ ਤੇ ਪਵਿੱਤਰ ਧਰਤੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਸਥਾਨ ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਹਨਾਂ ਨੇ ਬਾਬਾ ਫਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ -ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਨਾ ਸਰੋਤ ਬਣੀ ਹੋਈ ਹੈ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਹਜ਼ੂਰੀ ਵਿੱਚ ਆ ਕੇ ਆਤਮਿਕ ਸਕੂਨ ਅਤੇ ਮਨ ਦੀ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ। ਇਸ ਸਮੇਂ ਹਾਜ਼ਰ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਸ. ਚਰਨਜੀਤ ਸਿੰਘ ਸੇਖੋਂ, ਸ.ਸੁਰਿੰਦਰ ਸਿੰਘ ਰੋਮਾਣਾ, ਸ. ਦੀਪਿੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਡਾ. ਗੁਰਿੰਦਰ ਮੋਹਨ ਸਿੰਘ, ਸ.ਕੁਲਜੀਤ ਸਿੰਘ ਮੰਗੀਆ ਅਤੇ ਨਰਿੰਦਰ ਪਾਲ ਸਿੰਘ ਸਮੇਤ ਹੋਰ ਸੰਗਤਾਂ ਦੀ ਹਾਜ਼ਰੀ ਵਿੱਚ ਆਪ ਜੀ ਨੂੰ ਗ੍ਰੰਥੀ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਫਰੀਦ ਸੰਸਥਾਵਾਂ ਦੇ ਸੰਸਥਾਪਕ ਸ. ਇੰਦਰਜੀਤ ਸਿਘ ਖਾਲਸਾ ਜੀ ਦੀਆਂ ਬਾਬਾ ਫਰੀਦ ਅਤੇ ਫਰੀਦਕੋਟ ਤੇ ਲਿਖਤ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ।

