ਪੀ.ਐਸ.ਯੂਨੀਅਨ ਨੇ ਐੱਸ.ਐੱਸ.ਪੀ. ਨੂੰ ਮੰਗ ਪੱਤਰ ਸੋਂਪ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਲੜਕੀਆਂ ਦੀ ਸੁਰੱਖਿਆ ਦੀ ਕੀਤੀ ਮੰਗ
ਕੋਟਕਪੂਰਾ/ਫਰੀਦਕੋਟ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਦੀ ਇੱਕ ਵਿਦਿਆਰਥਣ ਵੱਲੋਂ ਕੁੱਝ ਮੁੰਡਿਆਂ ਦੀ ਛੇੜਛਾੜ ਅਤੇ ਤੰਗ-ਪ੍ਰੇਸ਼ਾਨੀਆਂ ਤੋਂ ਅੱਕ ਕੇ ਆਤਮ-ਹੱਤਿਆ ਕਰਨ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐੱਸ.ਯੂ.) ਵੱਲੋਂ ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਫ਼ਰੀਦਕੋਟ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਪੀਐਸਯੂ ਦੇ ਆਗੂਆਂ ਹਰਵੀਰ ਕੌਰ ਗੰਧੜ ਅਤੇ ਸੁਖਬੀਰ ਕੋਠੇ ਹਜ਼ੂਰਾ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਸ਼ਹਿਰ ਅਤੇ ਵਿੱਦਿਅਕ ਅਦਾਰਿਆਂ ਦੇ ਆਲੇ-ਦੁਆਲੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦੀ ਜੋਰਦਾਰ ਮੰਗ ਕੀਤੀ। ਵਿਦਿਆਰਥੀ ਆਗੂਆਂ ਅਭਿਨਵ ਸੋਢੀ, ਜੋਬਨਪ੍ਰੀਤ, ਮਨਜੋਤ ਕੌਰ, ਰਾਜਬੀਰ ਸਿੰਘ ਆਦਿ ਨੇ ਆਖਿਆ ਕਿ ਕਾਲਜਾਂ ਅਤੇ ਸਕੂਲਾਂ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਲੜਕੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਸਮੇਂ ਸਿਰ ਅਜਿਹੇ ਅਨਸਰਾਂ ਖ਼ਿਲਾਫ਼ ਠੋਸ ਕਦਮ ਚੁੱਕੇ ਜਾਂਦੇ ਤਾਂ ਅੱਜ ਇੱਕ ਮਾਸੂਮ ਧੀ ਨੂੰ ਆਪਣੀ ਜਾਨ ਨਾ ਗੁਆਉਣੀ ਪੈਂਦੀ। ਇਸ ਮੌਕੇ ਵਿਦਿਆਰਥੀ ਆਗੂਆਂ ਮੰਗਲ ਸਿੰਘ ਅਤੇ ਸੁਖਪ੍ਰੀਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਘਟਨਾ ਸਿਰਫ਼ ਇੱਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਪੂਰੇ ਸਮਾਜ ਅਤੇ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿੱਦਿਅਕ ਅਦਾਰਿਆਂ ਦੇ ਆਲੇ-ਦੁਆਲੇ ਛੇੜਛਾੜ ਦੀਆਂ ਸ਼ਿਕਾਇਤਾਂ ਨੂੰ ਅਕਸਰ ਅਣਗੌਲਿਆ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਅਜਿਹੇ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ।
ਯੂਨੀਅਨ ਨੇ ਮੰਗ ਕੀਤੀ ਕਿ ਵਿੱਦਿਅਕ ਅਦਾਰਿਆਂ ਦੇ ਬਾਹਰ ਪੁਲਿਸ ਗਸ਼ਤ ਵਧਾਈ ਜਾਵੇ, ਮਨਚਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਕਾਲਜਾਂ ਦੇ ਮੁੱਖ ਗੇਟਾਂ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਪੁਖ਼ਤਾ ਕੀਤੀ ਜਾਵੇ ਅਤੇ ਲੜਕੀਆਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ।
ਵਿਦਿਆਰਥੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਲੜਕੀਆਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕੀਤੇ ਗਏ, ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

