ਸਾਦਿਕ/ਕੋਟਕਪੂਰਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਮੈਡਮ ਨੀਤੂ ਸਿੰਗਲਾ ਵੱਲੋਂ ਅੱਜ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਪਿੰਡ ਡੋਡ, ਮਹਿਮੂਆਣਾ ਅਤੇ ਜੰਡ ਸਾਹਿਬ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਬੋਲੀ ਸ਼ੁਰੂ ਕਰਵਾਉਂਦਿਆਂ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਮੰਡੀਆਂ ਦੇ ਦੌਰੇ ਦੌਰਾਨ ਚੇਅਰਮੈਨ ਮੈਡਮ ਨੀਤੂ ਸਿੰਗਲਾ ਨੇ ਉੱਥੇ ਮੌਜੂਦ ਕਿਸਾਨਾਂ, ਆੜ੍ਹਤੀ ਭਾਈਚਾਰੇ ਅਤੇ ਮਜ਼ਦੂਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੰਡੀਆਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਨੀਤੂ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਛਾਂ, ਬਿਜਲੀ, ਸਾਫ਼-ਸਫ਼ਾਈ ਅਤੇ ਝੋਨੇ ਦੀ ਚੁਕਾਈ (ਲਿਫ਼ਟਿੰਗ) ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਨਿਰਧਾਰਤ ਨਮੀ ਦੀ ਮਾਤਰਾ ਵਾਲਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਬੋਲੀ ਅਤੇ ਖਰੀਦ ਸਮੇਂ ਸਿਰ ਹੋ ਸਕੇ। ਇਸ ਮੌਕੇ ਮਾਰਕੀਟ ਕਮੇਟੀ ਸਾਦਿਕ ਦੇ ਅਧਿਕਾਰੀ, ਸਮੂਹ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ, ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਕਿਸਾਨ ਹਾਜ਼ਰ ਸਨ।

