ਕੋਟਕਪੂਰਾ, 12 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਲਗਾਤਾਰ ਵਿਧਾਇਕ ਚੁਣੇ ਆ ਰਹੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਅਹਿਮ ਨਿਯੁਕਤੀ ਦਾ ਸਵਾਗਤ ਕਰਦਿਆਂ ਸੀਨੀਅਰ ਅਤੇ ਨੌਜਵਾਨ ਕਾਂਗਰਸੀ ਆਗੂ ਯੋਧਵੀਰ ਸਿੰਘ ਢਿੱਲਵਾਂ ਨੇ ਹਾਈਕਮਾਂਡ ਦੇ ਇਸ ਫੈਸਲੇ ਨੂੰ ਬਹੁਤ ਹੀ ਦੂਰ ਅੰਦੇਸ਼ੀ ਦੱਸਿਆ ਹੈ। ਉਹਨਾਂ ਕਿਹਾ ਕਿ ਪਰਗਟ ਸਿੰਘ ਇਕ ਨਿਰਪੱਖ, ਸਾਫ-ਸੁਥਰੀ ਛਵੀ ਵਾਲੇ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਕਿਉਂਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਦੀ ਕਮਾਂਡ ਇਕ ਤਜ਼ਰਬੇਕਾਰ ਅਤੇ ਈਮਾਨਦਾਰ ਹੱਥ ‘ਚ ਸੌਂਪ ਕੇ ਵਰਕਰਾਂ ਵਿਚ ਨਵਾਂ ਰੂਹਾਨੀ ਜੋਸ਼ ਭਰ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਪਰਗਟ ਸਿੰਘ ਵਰਗੇ ਈਮਾਨਦਾਰ, ਬੇਦਾਗ, ਜੁਝਾਰੂ ਅਤੇ ਜ਼ਮੀਨ ਨਾਲ ਜੁੜੇ ਆਗੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣਾ ਇਕ ਬਹੁੱਤ ਹੀ ਦੂਰਅੰਦੇਸ਼ੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਖੇਡ ਦੇ ਮੈਦਾਨ ਤੋਂ ਲੈ ਕੇ ਵਿਧਾਨ ਸਭਾ ਤੱਕ ਹਮੇਸ਼ਾ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਸਾਫ-ਸੁਥਰੀ ਸ਼ਖਸੀਅਤ ਅਤੇ ਨੌਜਵਾਨਾਂ ‘ਚ ਮਕਬੂਲੀਅਤ ਨਾਲ ਪੂਰੇ ਪੰਜਾਬ ਦੇ ਵਰਕਰਾਂ ‘ਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਅੰਤ ਵਿਚ ਯੋਧਵੀਰ ਸਿੰਘ ਢਿੱਲਵਾਂ ਨੇ ਕਿਹਾ ਕਿ ਅੱਜ ਆਗੂਆਂ ਤੇ ਵਰਕਰਾਂ ਦੀ ਇਕਜੁੱਟਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ, ਸਾਰਿਆਂ ਨੂੰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਇਕਜੁੱਟ ਹੋ ਕੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਧਰਮ ਨਿਰਪੱਖ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ।
