ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੋਟਕਪੂਰਾ ਦੇ ਸੀਨੀਅਰ ਭਾਜਪਾ ਆਗੂ ਰਾਜਨ ਨਾਰੰਗ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਸੰਕਟ ਬਾਰੇ ਗੰਭੀਰ ਸਵਾਲ ਖੜੇ ਕਰਦੀ ਹੈ। ਇਹ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ, ਸਗੋਂ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਸਰਕਾਰ ਦੀ ਜਵਾਬਦੇਹੀ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ। ਰਾਜਨ ਨਾਰੰਗ ਨੇ ਝੋਟਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਸਮਾਜ ਵਿੱਚ ਦੁੱਖ ਅਤੇ ਰੋਸ ਪੈਦਾ ਕੀਤਾ ਹੈ। ਰਾਜਨ ਨਾਰੰਗ ਨੇ ਪੁੱਛਿਆ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਹਿੰਸਾ ਦਾ ਸ਼ਿਕਾਰ ਹੋ ਸਕਦੇ ਹਨ, ਤਾਂ ਆਮ ਪਰਿਵਾਰ ਆਪਣੀ ਸੁਰੱਖਿਆ ਲਈ ਕਿਸ ‘ਤੇ ਭਰੋਸਾ ਕਰਨ? ਉਨ੍ਹਾਂ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ, ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਘਟਨਾ ਤੋਂ ਬਾਅਦ ਕਥਿਤ ਤੌਰ ‘ਤੇ ਮਦਦ ਕਰਨ ਵਾਲਿਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ ਜਾਵੇ।

