ਕੋਟਕਪੂਰਾ, 26 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਯੂਥ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਧਾਲੀਵਾਲ (ਹੈਪੀ ਰੋਮਾਣਾ) ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਹੈ ਕਿ ਉਹ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕਰਨ ਵਾਲੀ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣ ਵਿਚ ਨਾਕਾਮ ਸਾਬਤ ਹੋਈ ਹੈ। ਹੈਪੀ ਰੋਮਾਣਾ ਨੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ, ਜੇਕਰ ਸਰਕਾਰ ਸਮੇਂ ਸਿਰ ਨਸ਼ਾ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਤਾਂ ਅਜਿਹੇ ਹਾਲਾਤ ਪੈਦਾ ਨਾ ਹੁੰਦੇ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇ ਅਤੇ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਆਖਿਆ ਕਿ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣ ਲਈ ਸੂਬੇ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਅਤੀ ਜ਼ਰੂਰੀ ਹੈ। ਪੰਜਾਬ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਸੰਗਠਨ ਕਾਫ਼ੀ ਮਜ਼ਬੂਤ ਹੋਇਆ ਹੈ, ਜਿਸ ਦਾ ਸਿੱਧਾ ਲਾਭ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਿਲੇਗਾ। ਉਨ੍ਹਾਂ ਉਮੀਦ ਜਤਾਈ ਕਿ ਪ੍ਰਗਟ ਸਿੰਘ ਦੀ ਸਰਪ੍ਰਸਤੀ ਹੇਠ ਕਾਂਗਰਸ ਆਮ ਲੋਕਾਂ ਦੀ ਆਵਾਜ਼ ਹੋਰ ਬੁਲੰਦ ਕਰੇਗੀ।

