ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਨਿਮਰਤਾ, ਸੇਵਾ ਅਤੇ ਮਾਨਵਤਾ ਦੀ ਭਲਾਈ ਦੇ ਰਾਹ ’ਤੇ ਚੱਲਣ ਲਈ ਕੀਤਾ ਪ੍ਰੇਰਿਤ
ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈਂ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਗੁਰੂ ਸਾਹਿਬ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਇਸ ਪਾਵਨ ਦਿਹਾੜੇ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਸਮੂਹ ਸਕੂਲ ਪਰਿਵਾਰ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

