ਡਾਕਟਰਾਂ ਨਾਲ ਗੱਲਬਾਤ ਕਰਕੇ ਮਰੀਜ਼ਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 4 ਤੋਂ ਐੱਮ.ਸੀ. ਸਿਮਰਨਜੀਤ ਸਿੰਘ ਵਿਰਦੀ ਨੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿਖੇ ਦਾਖ਼ਲ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਦੌਰੇ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਵੱਲੋਂ ਹਸਪਤਾਲ ਦੇ ਪ੍ਰਬੰਧਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਕੁੱਝ ਸ਼ਿਕਾਇਤਾਂ ਐੱਮ.ਸੀ. ਸਿਮਰਨਜੀਤ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਮਰੀਜ਼ਾਂ ਦੀਆਂ ਇਹ ਸਮੱਸਿਆਵਾਂ ਸੁਣਨ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਮੌਜੂਦ ਡਿਊਟੀ ਡਾਕਟਰਾਂ ਅਤੇ ਹਸਪਤਾਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ।
ਐੱਮ.ਸੀ. ਸਿਮਰਨਜੀਤ ਸਿੰਘ ਨੇ ਡਾਕਟਰਾਂ ਨਾਲ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਤਾਕੀਦ ਕੀਤੀ ਕਿ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾਕਟਰਾਂ ਵੱਲੋਂ ਵੀ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਜੋ ਵੀ ਕਮੀ-ਪੇਸ਼ੀ ਜਾਂ ਸ਼ਿਕਾਇਤਾਂ ਹਨ, ਉਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰ ਦਿੱਤਾ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਐੱਮ.ਸੀ. ਸਿਮਰਨਜੀਤ ਸਿੰਘ ਨੇ ਆਖਿਆ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਮਰੀਜ਼ਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਉਣਗੇ ਤਾਂ ਜੋ ਆਮ ਲੋਕਾਂ ਨੂੰ ਇਲਾਜ ਦੌਰਾਨ ਕੋਈ ਔਖ ਨਾ ਆਵੇ।

