ਐਸ.ਡੀ.ਐਮ. ਲੁਧਿਆਣਾ ਪੱਛਮੀ ਕੁਲਦੀਪ ਬਾਵਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਜਾਗਰੂਕ
ਲੁਧਿਆਣਾ, 28 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਹਤਰ ਕਾਸ਼ਤ ਸਬੰਧੀ ਪਿੰਡ ਲਲਤੋਂ ਕਲਾਂ, ਬਲਾਕ ਲੁਧਿਆਣਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਐਸ.ਡੀ.ਐਮ. ਲੁਧਿਆਣਾ ਪੱਛਮੀ ਸ੍ਰੀ ਕੁਲਦੀਪ ਬਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ, ਆਧੁਨਿਕ ਖੇਤੀ ਤਕਨੀਕਾਂ, ਮਿੱਟੀ ਦੀ ਸਿਹਤ ਸੰਭਾਲ, ਪਾਣੀ ਦੀ ਸੁਚੱਜੀ ਵਰਤੋਂ ਅਤੇ ਫ਼ਸਲਾਂ ਦੀ ਉੱਚ ਗੁਣਵੱਤਾ ਵਾਲੀ ਪੈਦਾਵਾਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਐਸ.ਡੀ.ਐਮ. ਕੁਲਦੀਪ ਬਾਵਾ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇੰਜਨੀਅਰ ਅਮਨਪ੍ਰੀਤ ਘਈ ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਵੱਖ-ਵੱਖ ਖੇਤੀ ਮਸ਼ੀਨਰੀ ਬਾਰੇ ਦੱਸਿਆ। ਡਾ. ਕਰਮਜੀਤ ਸਿੰਘ, ਏ.ਡੀ.ਓ. ਨੇ ਫਾਰਮਰ ਰਜਿਸਟਰੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ, ਜਦਕਿ ਡਾ. ਸੰਦੀਪ ਸਿੰਘ, ਏ.ਡੀ.ਓ. ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਰਮਨ ਚੋਪੜਾ, ਏ.ਈ.ਓ. ਨੇ ਮਿੱਟੀ ਦੀ ਪਰਖ ਕਰਵਾਉਣ ਦੇ ਮਹੱਤਵ ਬਾਰੇ ਦੱਸਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਫਾਰਮਰ ਰਜਿਸਟਰੀ ਵੀ ਕੀਤੀ ਗਈ ਅਤੇ ਵਿਭਾਗ ਵੱਲੋਂ ਸਬਸਿਡੀ ’ਤੇ ਉਪਲਬਧ ਕਣਕ ਦੇ ਵੱਖ-ਵੱਖ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਡਾ. ਜਤਿੰਦਰ ਸਿੰਘ, ਏ.ਡੀ.ਓ. ਸਾਹਨੇਵਾਲ, ਦਿਲਜੀਤ ਕੌਰ, ਏ.ਡੀ.ਓ. ਬਦੋਵਾਲ, ਵੀਰਪਾਲ ਕੌਰ, ਏ.ਡੀ.ਓ. ਬਾੜੇਵਾਲ, ਹਰਪ੍ਰੀਤ ਸਿੰਘ, ਏ.ਐਸ.ਆਈ. ਬਾੜੇਵਾਲ, ਬਲਵੰਤ ਸਿੰਘ, ਏ.ਐਸ.ਆਈ. ਜੰਡਿਆਲੀ ਸਰਕਲ, ਹਰਪ੍ਰੀਤ ਕੌਰ, ਏ.ਐਸ.ਆਈ. ਸਾਹਨੇਵਾਲ ਸਰਕਲ, ਬੀ.ਟੀ.ਐਮ. ਸਰਬਜੀਤ ਸਿੰਘ ਅਤੇ ਏ.ਟੀ.ਐਮ. ਪ੍ਰਿੰਸ ਨਰੂਲਾ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਮਨਮਨਿੰਦਰ ਸਿੰਘ, ਖੇਤੀਬਾੜੀ ਉਪ-ਨਿਰੀਖਕ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਸਹਿਕਾਰੀ ਸਭਾ ਦੇ ਸਕੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

