ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੇ ਰੂ-ਬ-ਰੂ ਹੋਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤੀ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਪਿੰਡ/ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਸਪੀਕਰ ਸ.ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ। ਸਪੀਕਰ ਸ.ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਤੀਬੱਧ ਹੈ।

