ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ 253 ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਸਖਤ ਨਿਖੇਧੀ – ਨੌਕਰੀਆਂ ਬਹਾਲ ਕਰਨ ਦੀ ਕੀਤੀ ਮੰਗ
ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਸਫਲਤਾ ਪੂਰਵਕ ਲਾਗੂ ਕਰਨ ਲਈ ਫਰੀਦਕੋਟ ਜ਼ਿਲ੍ਹੇ ਦੇ ਆਗੂਆਂ ਦੀ ਇੱਕ ਮੀਟਿੰਗ ਆਸ਼ਾ ਵਰਕਰਾਂ ਦੇ ਆਗੂ ਸਰਬਜੀਤ ਕੌਰ ਮਚਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਦੇ ਸ਼ਰੁ ਵਿੱਚ ਪਿਛਲੇ ਦਿਨੀਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਨੌਕਰੀ ਕਰ ਰਹੇ 253 ਅਧਿਆਪਕਾਂ ਨੂੰ ਨੌਕਰੀਆਂ ਤੋਂ ਫਾਰਗ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਹਨਾਂ ਅਧਿਆਪਕਾਂ ਨੂੰ ਤੁਰੰਤ ਵਿਸ਼ੇਸ਼ ਆਰਡੀਨੈਂਸ ਜਾਰੀ ਕਰਕੇ ਮੁੜ ਨੌਕਰੀਆਂ ਵਿੱਚ ਲਿਆ ਜਾਵੇ। ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਫੇਲ੍ਹ ਸਾਬਤ ਹੁੰਦੀ ਹੈ ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਰਵਿੰਦਰ ਪਾਲ ਸਿੰਘ ਘਾਲੀ, ਅਮਰੀਕ ਸਿੰਘ ਸੰਧੂ ਸਾਬਕਾ ਸੂਬਾ ਪ੍ਰਧਾਨ, ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਬਲਬੀਰ ਸਿੰਘ ਸਿਬੀਆਂ,
ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਧਰਮਿੰਦਰ ਸਿੰਘ, ਪ੍ਰੀਤ ਭਗਵਾਨ ਸਿੰਘ, ਵੀਰਇੰਦਰਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਪਾਵਰਕਾਮ ਪੈਨਸ਼ਨਰ ਆਗੂ ਚਿਤਰੰਜਨ ਗਾਭਾ, ਇੰਦਰਜੀਤ ਸਿੰਘ ਗਿੱਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਰਾਂ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਬਿਸ਼ਨ ਕੁਮਾਰ ਅਰੋੜਾ, ਸੁਖਚੈਨ ਸਿੰਘ ਥਾਂਦੇ ਵਾਲਾ ਅਤੇ ਜੀਤੇਂਦਰ ਕੁਮਾਰ ਹੰਸ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫੀਸਦੀ ਡੀ ਏ ਡਿਊ ਮਿਤੀਆਂ ਤੋਂ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ, ਮਿਤੀ 15-1-2015 ਦਾ ਮੁੱਢਲੀ ਤਨਖਾਹਾਂ ਤੇ ਭਰਤੀ ਕਰਨ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ, ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ ਪੱਤਰ ਰੱਦ ਨਾ ਕੀਤਾ ਗਿਆ ਅਤੇ ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਾਨਯੋਗ ਸਰਵ ਉੱਚ ਅਦਾਲਤ ਦਾ ਫੈਸਲਾ ਸਹੀ ਦਿਸ਼ਾ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ ਅਤੇ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 24 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਕੀਤੇ ਗਏ ਫੈਸਲੇ ਜ਼ਿਲ੍ਹਾ ਫਰੀਦਕੋਟ ਵਿੱਚ ਸਫਲਤਾ ਪੂਰਵਕ ਲਾਗੂ ਕੀਤੇ ਜਾਣਗੇ। ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 4 ਨਵੰਬਰ ਨੂੰ ਸੂਬਾਈ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਫੋਕੀ ਇਸ਼ਤਿਹਾਰਬਾਜੀ ਕਰਕੇ ਦੀਵਾਲਾ ਕੱਢਣ ਦਾ ਚਿੱਠਾ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿੱਚ ਜ਼ਿਲ੍ਹਾ ਫਰੀਦਕੋਟ ਦੀ ਵਾਰੀ ਵਾਲੇ ਦਿਨ 19 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ, 1 ਦਸੰਬਰ ਤੋਂ 5 ਦਸੰਬਰ ਤੱਕ ਫਰੀਦਕੋਟ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਫਰੀਦਕੋਟ ਕੋਟਕਪੂਰਾ ਅਤੇ ਜੈਤੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰ ਸਾਹਮਣੇ ਵੱਡੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾਣਗੇ ਅਤੇ ਇਹਨਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢਾ ਨਾਲਾ ਲੁਧਿਆਣਾ ਵਿਖੇ ਸੁੱਟੀ ਜਾਵੇਗੀ। ਇਸ ਤੋਂ ਬਾਅਦ ਪੰਜਾਬ ਦੇ ਪਿੰਡ ਪਿੰਡ ਆਏ ਸ਼ਹਿਰ ਸ਼ਹਿਰ ਜਾਕੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੀਤਾ ਗਿਆ ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਚਿੱਠਾ ਲੋਕਾਂ ਵਿੱਚ ਜਾ ਕੇ ਨੰਗਾ ਕੀਤਾ ਜਾਵੇਗਾ। ਆਗੂਆਂ ਨੇ ਅੱਗੇ ਦੱਸਿਆ ਕਿ ਇਹਨਾਂ ਸਾਰੇ ਐਕਸ਼ਨਾਂ ਦੀ ਤਿਆਰੀ ਲਈ ਅਤੇ ਪੱਕੇ ਮੋਰਚੇ ਦਾ ਰੀਵਿਊ ਕਰਨ ਲਈ 25 ਨਵੰਬਰ ਨੂੰ ਇੱਕ ਹੋਰ ਮੀਟਿੰਗ ਫਰੀਦਕੋਟ ਵਿਖੇ ਕੀਤੀ ਜਾਵੇਗੀ।

