ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਨੀਲ ਕੁਮਾਰ ਗਗਨ ਸੇਠੀ ਨੇ ਅੱਜ ਕੁਝ ਚੋਣਵੇਂ ਪੱਤਰਕਾਰਾਂ ਨਾਲ ਉਚੇਚੀ ਗੱਲਬਾਤ ਕਰਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਗੱਲਬਾਤ ਦੌਰਾਨ ਗਗਨ ਸੇਠੀ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ’ਤੇ ਰਾਜ ਦੇ ਸਮੁੱਚੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ ਮਹਿਗਾਈ ਭੱਤਾ (ਡੀ.ਏ.) ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਪੇਅ ਕਮਿਸ਼ਨ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਰਹਿੰਦੇ ਬਕਾਏ ਦੀ ਅਦਾਇਗੀ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਜੀ ਢਿੱਲੋਂ ਵੱਲੋਂ ਪੰਜਾਬ ਦੇ ਮੁਲਾਜ਼ਮ ਵਰਗ ਨਾਲ ਕੀਤਾ ਗਿਆ ਇਹ ਵਾਅਦਾ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਆਸ ਦੀ ਇੱਕ ਵੱਡੀ ਕਿਰਨ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਨੇ ਮੁਲਾਜ਼ਮਾਂ ਦੇ ਹੱਕਾਂ ਵੱਲ ਹਮੇਸ਼ਾ ਅਣਦੇਖੀ ਕੀਤੀ ਹੈ, ਜਦਕਿ ਭਾਜਪਾ ਮੁਲਾਜ਼ਮਾਂ ਦੀ ਮਿਹਨਤ ਅਤੇ ਯੋਗਦਾਨ ਦਾ ਪੂਰਾ ਸਤਿਕਾਰ ਕਰਦੀ ਹੈ। ਗਗਨ ਸੇਠੀ ਨੇ ਜ਼ੋਰ ਦੇ ਕੇ ਕਿਹਾ ਕਿ ‘ਮੁਲਾਜ਼ਮਾਂ ਦਾ ਸਨਮਾਨ-ਪੰਜਾਬ ਦਾ ਸਨਮਾਨ’ ਭਾਜਪਾ ਦਾ ਨਾਹਰਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਵਿਕਾਸ ਦਰ ਨੂੰ ਅੱਗੇ ਲਿਜਾਣ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਭਾਜਪਾ ਸਰਕਾਰ ਬਣਨ ‘ਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

