ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਅਤੇ ਬਣਦਾ ਹੱਕ ਦਿੱਤਾ ਜਾਵੇਗਾ : ਅਜੈਪਾਲ ਸੰਧੂ
ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਵਾਂਦਰ ਜਟਾਣਾ ਵਿਖੇ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਸਰਗਰਮ ਆਗੂਆਂ ਅਤੇ ਵਰਕਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਕਾਂਗਰਸ ਦਾ ਪੱਲਾ ਫੜ ਲਿਆ। ਇਸ ਮੌਕੇ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਦੇ ਮਫਲਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਜੈਪਾਲ ਸਿੰਘ ਸੰਧੂ ਨੇ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਅਤੇ ਵਰਕਰਾਂ ਦੀ ਪਾਰਟੀ ਰਹੀ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਬਣਦਾ ਹੱਕ ਦਿੱਤਾ ਜਾਵੇਗਾ। ਸਰਦਾਰ ਸੰਧੂ ਨੇ ਉਮੀਦ ਜਤਾਈ ਕਿ ਸਾਰੇ ਨਵੇਂ ਅਤੇ ਪੁਰਾਣੇ ਸਾਥੀ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਟਿਆ ਜਾਵੇ, ਤਾਂ ਜੋ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਕਾਂਗਰਸ ‘ਚ ਸ਼ਾਮਲ ਹੋਏ ਆਗੂਆਂ ਨੇ ਆਖਿਆ ਕਿ ਉਹ ਅਜੈਪਾਲ ਸਿੰਘ ਸੰਧੂ ਦੀ ਸੂਝਵਾਨ ਲੀਡਰਸ਼ਿਪ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ ਅਤੇ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ। ਇਸ ਮੌਕੇ ਪਿੰਡ ਦੇ ਹੋਰ ਪ੍ਰਮੁੱਖ ਕਾਂਗਰਸੀ ਆਗੂ, ਸਥਾਨਕ ਵਰਕਰ ਅਤੇ ਵੱਡੀ ਗਿਣਤੀ ਵਿੱਚ ਗ੍ਰਾਮ ਵਾਸੀ ਵੀ ਹਾਜ਼ਰ ਸਨ।

