*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਹੱਕ ਉਨ੍ਹਾਂ ਦੀਆਂ ਬਰੂਹਾਂ ਤਕ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ*

ਖੰਨਾ, (ਲੁਧਿਆਣਾ) 02 ਨਵੰਬਰ:(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਰਾਏਪੁਰ ਵਿਖੇ ਕਰਵਾਏ ਸਮਾਗਮਾਂ ਦੌਰਾਨ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਅਤੇ ਮਾਣ ਵਾਲਾ ਪਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰਲੇ ਘਰਾਂ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣਾ ਇਸ ਸਕੀਮ ਦਾ ਅਹਿਮ ਉਦੇਸ਼ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਨਾਲ ਪਰਿਵਾਰਾਂ ਦੀਆਂ ਪੀੜ੍ਹੀਆਂ ਦੀਆਂ ਯਾਦਾਂ, ਮਿਹਨਤ ਅਤੇ ਜਜ਼ਬਾਤ ਜੁੜੇ ਹੋਏ ਹਨ, ਉਨ੍ਹਾਂ ਦੀ ਮਾਲਕੀ ਦਾ ਸਪੱਸ਼ਟ ਰਿਕਾਰਡ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਮਾਲਕੀ ਦੇ ਰਸਮੀ ਦਸਤਾਵੇਜ਼ਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਦੇ ਆ ਰਹੇ ਸਨ। ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅਜਿਹੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਪਛਾਣ ਅਤੇ ਮਾਲਕੀ ਸਬੰਧੀ ਦਸਤਾਵੇਜ਼ੀ ਆਧਾਰ ਮਿਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਾਇਦਾਦ ਦਾ ਸਪੱਸ਼ਟ ਰਿਕਾਰਡ ਪਰਿਵਾਰਾਂ ਦੇ ਭਵਿੱਖ ਲਈ ਵੀ ਅਹਿਮ ਹੈ। ਇਹ ਦਸਤਾਵੇਜ਼ ਮਾਲਕੀ ਸਬੰਧੀ ਅਸਪੱਸ਼ਟਤਾ ਘਟਾਉਣ ਅਤੇ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਰਿਕਾਰਡ ਪੇਸ਼ ਕਰਨ ਲਈ ਮਦਦਗਾਰ ਹੋ ਸਕਦੇ ਹਨ। ਇਸ ਤੋਂ ਇਲਾਵਾ, ਲੋੜ ਪੈਣ ’ਤੇ ਬੈਂਕਾਂ ਅਤੇ ਹੋਰ ਵਿੱਤੀ ਅਦਾਰਿਆਂ ਦੀਆਂ ਲਾਗੂ ਸ਼ਰਤਾਂ ਅਨੁਸਾਰ ਕਰਜ਼ੇ ਲਈ ਅਰਜ਼ੀ ਦੇਣ ਸਮੇਂ ਵੀ ਮਾਲਕੀ ਦੇ ਦਸਤਾਵੇਜ਼ ਸਹਾਇਕ ਹੋ ਸਕਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਆਪਣੇ ਹੱਕਾਂ ਸਬੰਧੀ ਦਸਤਾਵੇਜ਼ ਪ੍ਰਾਪਤ ਕਰਨ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਕੀਮ ਨਾਲ ਸਬੰਧਤ ਬਾਕੀ ਰਹਿੰਦੀ ਕਾਰਵਾਈ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਅੱਗੇ ਵਧਾਇਆ ਜਾਵੇ ਅਤੇ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਤੇ ਮਾਰਗਦਰਸ਼ਨ ਦਿੱਤਾ ਜਾਵੇ।
ਸ੍ਰੀ ਸੌਂਦ ਨੇ ਲਾਭਪਾਤਰੀ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋੜਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਬਾਕੀ ਪਿੰਡਾਂ ਵਿੱਚ ਵੀ ਸਕੀਮ ਅਧੀਨ ਯੋਗ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।
ਇਸ ਮੌਕੇ ਪ੍ਰਾਪਰਟੀ ਕਾਰਡ ਹਾਸਲ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਤਸੱਲੀ ਮਿਲੀ ਹੈ।
ਸਮਾਗਮਾਂ ਦੌਰਾਨ ਪ੍ਰਸ਼ਾਸਨ ਅਤੇ ਮਾਲ ਵਿਭਾਗ ਦੇ ਅਧਿਕਾਰੀ, ਸਬੰਧਤ ਪਿੰਡ ਦੇ ਪੰਚ-ਸਰਪੰਚ ਅਤੇ ਇਲਾਕਾ ਵਾਸੀ ਹਾਜ਼ਰ ਸਨ।

