ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਅਨਾਜ ਮੰਡੀ ਕੋਟਕਪੂਰਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਦੌਰੇ ਦੌਰਾਨ ਝੋਨੇ ਦੀ ਖਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀਆਂ ਸਹੂਲਤਾਂ ਲਈ ਮੰਡੀ ਬੋਰਡ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਤੇ ਉਨ੍ਹਾਂ ਨੇ ਕਿਸਾਨਾਂ ਅਤੇ ਮੰਡੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨਾਲ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸਕਲਾਂ ਦੀ ਜਾਣਕਾਰੀ ਲਈ। ਮੰਡੀ ਵਿੱਚ ਢੁਕਵੀਂ ਵਿਵਸਥਾ ਅਤੇ ਸੁਚਾਰੂ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਉਹਨਾਂ ਮੰਡੀ ਵਿੱਚ ਮੌਜੂਦ ਕਿਸਾਨਾਂ ਨੂੰ ਆਪਣੀ ਫਸਲ ਦੀ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਮੌਸਮੀ ਪ੍ਰਦੂਸ਼ਣ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਕਿਸਾਨਾਂ ਨੂੰ ਪ੍ਰਕਿਰਿਆਵਾਦੀ ਢੰਗ ਨਾਲ ਜਰੂਰੀ ਸਹੂਲਤਾਂ ਦੇਣ ਲਈ ਮੰਡੀ ਵਿੱਚ ਅਤਿਰਿਕਤ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਵੀ ਗੱਲ ਕੀਤੀ ਗਈ। ਦੌਰੇ ਦੌਰਾਨ, ਕਿਸਾਨਾਂ ਨੇ ਖੁਦ ਨੂੰ ਪ੍ਰਬੰਧਾਂ ਨਾਲ ਸੰਤੁਸ਼ਟ ਦੱਸਦੇ ਹੋਏ ਸਹਿਯੋਗ ਦੀ ਭਰਪੂਰ ਪ੍ਰਸੰਸਾ ਕੀਤੀ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਮੀਡੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਮੰਡੀਆਂ ਵਿੱਚ ਟ੍ਰੈਫਕਿ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਫਸਲ ਦੀ ਪ੍ਰਚੇਸਿੰਗ ਅਤੇ ਲਿਫਟਿੰਗ ਨੂੰ ਸਹੀ ਢੰਗ ਨਾਲ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਜਰੂਰੀ ਕਦਮ ਉਠਾਏ ਜਾ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਐਸਡੀਐਮ ਕੋਟਕਪੂਰਾ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਯੁਗਵੀਰ ਕੁਮਾਰ ਸੈਕਟਰੀ, ਸਿਮਰਜੀਤ ਸਿੰਘ ਅਤੇ ਸੰਗਤ ਸਿੰਘ ਮੱਕੜ ਆਦਿ ਵੀ ਹਾਜਰ ਸਨ।

