ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭਲਾਈ ਮੁੱਦਿਆਂ ‘ਤੇ ਕੀਤੀ ਚਰਚਾ
ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੋਕ ਜਨ ਸ਼ਕਤੀ ਪਾਰਟੀ (ਲੋਜਪਾ) ਪੰਜਾਬ ਦੇ ਜਨਰਲ ਸਕੱਤਰ ਬੱਬੂ ਅਟਵਾਲ ਨੇ ਦੀਵਾਲੀ ਅਤੇ ਭਗਵਾਨ ਵਿਸ਼ਵਕਰਮਾ ਦਿਵਸ ਦੇ ਸ਼ੁਭ ਅਵਸਰ ‘ਤੇ ਸਮੂਹ ਦੇਸ਼ ਅਤੇ ਪ੍ਰਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ‘ਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਬੱਬੂ ਅਟਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਤੇ ਲੋਕ ਵੰਡ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਰਣਨੀਤੀਆਂ ‘ਤੇ ਗੰਭੀਰ ਚਰਚਾ ਕੀਤੀ ਗਈ। ਬੱਬੂ ਅਟਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਜਨ ਸ਼ਕਤੀ ਪਾਰਟੀ ਦਾ ਪੂਰਨ ਸਾਥ ਦੇਣ ਅਤੇ ਰਾਜ ਵਿੱਚ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਸਹਿਯੋਗ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣਾ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ, ਤਾਂ ਜੋ ਰਾਜ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਬੱਬੂ ਅਟਵਾਲ ਨੇ ਦਲਿਤ ਭਾਈਚਾਰੇ ਨੂੰ ਖਾਸ ਤੌਰ ‘ਤੇ ਅਪੀਲ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦੇ ਹੋਏ ਹਰ ਹਲਕੇ ਵਿੱਚ ‘ਲੋਜਪਾ’ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਲੋਕ ਜਨ ਸ਼ਕਤੀ ਪਾਰਟੀ ਹੀ ਸਮਾਜ ਦੇ ਹਰ ਵਰਗ, ਵਿਸ਼ੇਸ਼ ਕਰਕੇ ਦਲਿਤ ਅਤੇ ਪਿਛੜੇ ਭਾਈਚਾਰੇ ਦੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ।

