ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਗੁਰਮੁੱਖ ਸਿੰਘ ਸਿੱਧੂ ਅਤੇ ਪ੍ਰੋ. ਦਵਿੰਦਰ ਕੌਰ ਸਿੱਧੂ ਨੇ ਦਿੱਤਾ ਮਾਣ-ਸਨਮਾਨ
ਕੋਟਕਪੂਰਾ/ਫਰੀਦਕੋਟ, 10 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌਂ ਵਿਖੇ ਸਥਾਪਿਤ ਸੁਪਨਦੀਪ ਯਾਦਗਾਰੀ ਲਾਇਬ੍ਰੇਰੀ ਵਿਖੇ ਸੇਵਾਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦੇ ਜਨਮ ਦਿਨ ਮੌਕੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਲਾਇਬ੍ਰੇਰੀ ਦੇ ਸਾਬਕਾ ਮੈਨੇਜਰ ਗੁਰਮੁੱਖ ਸਿੰਘ ਸਿੱਧੂ ਅਤੇ ਲਾਇਬ੍ਰੇਰੀਅਨ ਪ੍ਰੋਫੈਸਰ ਦਵਿੰਦਰ ਕੌਰ ਸਿੱਧੂ ਵੱਲੋਂ ਗੇਜ ਰਾਮ ਭੌਰਾ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਗੇਜ ਰਾਮ ਭੌਰਾ ਦੀਆਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਸਿੱਖਿਆ ਅਤੇ ਚੰਗੇ ਸੰਸਕਾਰ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਗੇਜ ਰਾਮ ਭੌਰਾ ਨੇ ਗੁਰਮੁੱਖ ਸਿੰਘ ਸਿੱਧੂ ਅਤੇ ਪ੍ਰੋ. ਦਵਿੰਦਰ ਕੌਰ ਸਿੱਧੂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜਨਮ ਦਿਨ ਦੇ ਮੌਕੇ ਮਿਲਿਆ ਇਹ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਯਾਦਗਾਰੀ ਹੈ। ਉਨ੍ਹਾਂ ਨੇ ਲਾਇਬ੍ਰੇਰੀ ਦੇ ਪ੍ਰਬੰਧਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਗੁਰਤੇਜ ਕੌਰ ਨੂੰ ਵੀ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ, ਖੁਸ਼ਹਾਲ ਜੀਵਨ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਲਾਇਨਮੈਨ, ਨਵਜੋਤ ਕੌਰ ਸੰਧੂ, ਬਲਵਿੰਦਰ ਸਿੰਘ ਅਤੇ ਬਾਬੂ ਰਾਮ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਮੁੱਚਾ ਸਮਾਗਮ ਆਪਸੀ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਸੁਨੇਹਾ ਦਿੰਦਾ ਹੋਇਆ ਯਾਦਗਾਰੀ ਹੋ ਨਿਬੜਿਆ।

