ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ਵਚਨਬੱਧ- ਸਪੀਕਰ ਸੰਧਵਾਂ
ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ ਸੀਵਰੇਜ ਲਈ ਪਾਈਪ ਲਾਈਨ ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਬਹੁਤ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਲ 2027 ਵਿੱਚ ਮੁੜ ਵੋਟਾਂ ਮੰਗਣ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਕੀਤੇ ਕੰਮ ਲੋਕਾਂ ਦੇ ਸਾਹਮਣੇ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਵਿਅਕਤੀ ਦਾ ਕੰਮ ਕਰਨ ਤੋਂ ਪਹਿਲਾਂ ਇਹ ਨਹੀਂ ਪੁੱਛਿਆ ਕਿ ਉਸ ਨੇ ਉਨ੍ਹਾਂ ਨੂੰ ਵੋਟ ਪਾਈ ਹੈ ਜਾਂ ਨਹੀਂ। ਉਨ੍ਹਾਂ ਦਾ ਮੰਨਣਾ ਹੈ ਕਿ ਜਿਹੜਾ ਵੀ ਵਿਅਕਤੀ ਆਪਣਾ ਜਾਇਜ਼ ਕੰਮ ਲੈ ਕੇ ਆਉਂਦਾ ਹੈ, ਉਸ ਦਾ ਕੰਮ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਕੰਮਾਂ ਦੇ ਬਦਲੇ ਕਦੇ ਕਿਸੇ ਕਿਸਮ ਦਾ ਪੈਸਾ ਜਾਂ ਨਿੱਜੀ ਲਾਭ ਨਹੀਂ ਲਿਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਸਹੀ ਦਿਸ਼ਾ ਵਿੱਚ ਅੱਗੇ ਲਿਜਾਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂਕਿਹਾ ਕਿ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਆਧਾਰ ਤੇ ਪੂਰਾ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਸ੍ਰੀਮਤੀ ਬਲਜਿੰਦਰ ਕੌਰ, ਮਾਸਟਰ ਜਗਦੇਵ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਟਹਿਣਾ ਸਮੇਤ ਪਿੰਡ ਵਾਸੀ ਹਾਜ਼ਰ ਸਨ।

