*3,100 ਖੇਡ ਮੈਦਾਨ ਬਣਾਉਣ ਦੀ ਯੋਜਨਾ ਨਾਲ ਬਦਲੇਗੀ ਪੰਜਾਬ ਦੀ ਖੇਡ ਤਸਵੀਰ, ਸ਼ਾਹਪੁਰ ਤੋਂ ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ*
*ਮੰਤਰੀ ਸੌਂਦ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸੀਐਮ ਮਾਨ ਦਾ ਸਵਾਗਤ, ਵਿਧਾਇਕ ਗੈਰੀ ਵੜਿੰਗ ਵੀ ਰਹੇ ਮੌਜੂਦ*
ਖੰਨਾ, 12 ਨਵੰਬਰ :(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਅਤੇ ਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਸ਼ਾਹਪੁਰ ਤੋਂ 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਇਹ ਉਪਰਾਲਾ ਸੂਬੇ ਵਿੱਚ 3,100 ਖੇਡ ਮੈਦਾਨ ਵਿਕਸਿਤ ਕਰਨ ਦੀ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਮੰਤਰੀ ਸੌਂਦ ਨੇ ਇਸ ਉਪਰਾਲੇ ਨੂੰ ਪੰਜਾਬ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਬਿਹਤਰ ਮੌਕੇ ਮਿਲਣਗੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੇਡ ਮੈਦਾਨ ਪੇਂਡੂ ਖੇਤਰਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਾਉਣ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਂ ਪਛਾਣ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਸਮੇਤ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ।

