ਲੁਧਿਆਣਾ 12 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਦੇ ਸਹਿਯੋਗ ਨਾਲ 11 ਨਵੰਬਰ, 2026 ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ 350 ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਦੌਰਾਨ ਡਾ. ਪੀ.ਐੱਸ. ਸੰਧੂ, ਅੱਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਐੱਨ.ਐੱਸ.ਐੱਸ. ਵਲੰਟਿਅਰਾਂ ਨੂੰ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਵਾਹੁਣ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਜਾਗਰੂਕ ਕਰਨਾ ਸੀ ਤਾਂ ਜੋ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾ ਸਕਣ। ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ(ਸਕਿੱਲ ਡਿਵੈਲਪਮੈਂਟ) ਨੇ ਪਰਾਲੀ ਸਾੜਣ ਤੋਂ ਗੁਰੇਜ਼ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ।
ਡਾ. ਲਵਲੀਸ਼ ਗਰਗ ਨੇ ਪੰਜਾਬ ਰਾਜ ਵਿੱਚ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਬਾਰੇ ਚਾਨਣਾ ਪਾਇਆ। ਡਾ. ਹਰਮੀਤ ਸਰਲਾਚ ਨੇ ਸਿਖਿਆਰਥੀਆਂ ਨੂੰ ਸਹੁੰ ਚੁਕਾਈ ਕਿ ਉਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੁਰਜ਼ੋਰ ਯਤਨ ਕਰਨਗੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਗੇ। ਫਸਲ ਵਿਗਿਆਨ ਵਿਭਾਗ ਦੇ ਡਾ. ਜਸਵੀਰ ਸਿੰਘ ਗਿੱਲ ਨੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀ ਕਣਕ ਦੀ ਬਿਜਾਈ ਸੁਪਰ ਸੀਡਰ ਮਸ਼ੀਨ ਨਾਲ ਕਰਨ ਦੀ ਸਲਾਹ ਦਿੱਤੀ ਅਤੇ ਬੀਜ ਨੂੰ ਬਿਜਾਈ ਤੋਂ ਪਹਿਲਾਂ ਜੈਵਿਕ ਖਾਦਾਂ ਨਾਲ ਸੋਧਣ ’ਤੇ ਜ਼ੋਰ ਦਿੱਤਾ। ਝੋਨੇ ਦੀ ਸਿੱਧੀ ਬਿਜਾਈ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕੀਤਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ। ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ ਦੇ ਡਾ. ਮਨਪ੍ਰੀਤ ਸਿੰਘ ਭਾਮ ਨੇ ਪਰਾਲੀ ਦੀ ਸਾਂਭ-ਸੰਭਾਲ ਵਿੱਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮਸ਼ੀਨਾਂ ਬਾਰੇ ਚਾਨਣਾ ਪਾਇਆ ਅਤੇ ਇਸ ਤੋਂ ਇਲਾਵਾ ਮਸ਼ੀਨਾਂ ਦੀ ਰੱਖ-ਰਖਾਵ ਬਾਰੇ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਕੁਲਵੀਰ ਕੌਰ ਨੇ ਆਏ ਹੋਏ ਸਪੀਕਰਾਂ, ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫਸਰਾਂ ਅਤੇ ਸਿਖਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ, ਡਾ. ਹਰਮਨਦੀਪ ਕੌਰ, ਡਾ. ਅਮਨ ਸ਼ਰਮਾ, ਡਾ. ਐਨਾ ਗੋਇਲ ਅਤੇ ਡਾ. ਰੋਹਿਤ ਛਾਬੜਾ ਅਤੇ ਮੈਡਮ ਕੰਵਲਜੀਤ ਕੌਰ ਸ਼ਾਮਲ ਸਨ।
