ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਕੋਟਕਪੂਰਾ ਹਲਕੇ ਵਿੱਚ ਭਰੇ ਗਏ 55,419 ਫਾਰਮ
154 ਆਂਗਣਵਾੜੀ ਵਰਕਰਾਂ ਨੇ ਨਿਭਾਈ ਅਹਿਮ ਜ਼ਿੰਮੇਵਾਰੀ, 13.85 ਲੱਖ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਜਾਵੇਗੀ ਜਾਰੀ
ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਕੈਂਪ ਆਫ਼ਿਸ ਵਿਖੇ ਕੋਟਕਪੂਰਾ ਹਲਕੇ ਦੀਆਂ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਅਤੇ ਯੋਜਨਾ ਦੇ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਸਪੀਕਰ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਕੁੱਲ 154 ਆਂਗਣਵਾੜੀ ਵਰਕਰਾਂ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਯੋਜਨਾ ਤਹਿਤ 55,419 ਫਾਰਮ ਭਰੇ ਗਏ। ਇਸ ਕੰਮ ਲਈ ਵਰਕਰਾਂ ਨੂੰ 13 ਲੱਖ 85 ਹਜ਼ਾਰ 475 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਸਪੀਕਰ ਸੰਧਵਾਂ ਨੇ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਸਨਮਾਨ ਵਜੋਂ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਦੇ ਯਤਨਾਂ ਸਦਕਾ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਾਸ਼ੀ ਬਿਨਾਂ ਕਿਸੇ ਵਿਘਨ ਦੇ ਪਹੁੰਚਾਉਣ ਵਿੱਚ ਵੱਡੀ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਕੀਤੀ ਮਿਹਨਤ ਸਦਕਾ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਦਾ ਹੈ। ਸਰਕਾਰ ਵੱਲੋਂ ਇਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣਾ ਅਤੇ ਬਣਦਾ ਮਾਣ-ਸਨਮਾਨ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਲੋਕਾਂ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਮਾਵਾਂ-ਧੀਆਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ, ਸਗੋਂ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਵਧਣ ਨਾਲ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਲਾਭ ਪਹੁੰਚ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਰੀਦਕੋਟ ਮੈਡਮ ਰਤਨਦੀਪ ਸੰਧੂ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕੋਟਕਪੂਰਾ ਮੈਡਮ ਰਜਵੰਤ ਕੌਰ, ਸਮੂਹ ਸੁਪਰਵਾਈਜ਼ਰ ਅਤੇ ਕੋਟਕਪੂਰਾ ਦਾ ਸਮੂਹ ਕਲੈਰੀਕਲ ਸਟਾਫ਼ ਹਾਜ਼ਰ ਸੀ।

