ਸੰਗੀਤ ਦੀਆਂ ਧੁਨਾਂ ‘ਤੇ ਝੂਮੇ ਵਿਦਿਆਰਥੀਆਂ ਨੇ ਮਨਮੋਹਕ ਪੇਸ਼ਕਾਰੀਆਂ ਨਾਲ ਜਿੱਤਿਆ ਸਭ ਦਾ ਦਿਲ
ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ ਦੇ ਕੋਟਕਪੂਰਾ ਰੋਡ ‘ਤੇ ਪਿੰਡ ਪੰਜਗਰਾਈਂ ਕਲਾਂ ਦੇ ਨਜ਼ਦੀਕ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਡਾਂਸ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਸੰਗੀਤ ਦੀਆਂ ਮਿੱਠੀਆਂ ਧੁਨਾਂ ‘ਤੇ ਮਨਮੋਹਕ ਨ੍ਰਿਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਉਨ੍ਹਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਆਕਰਸ਼ਕ ਬਣਾ ਦਿੱਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਆਤਮਵਿਸ਼ਵਾਸ, ਸਰੀਰਕ ਤੰਦਰੁਸਤੀ, ਆਪਸੀ ਤਾਲਮੇਲ ਅਤੇ ਮੰਚ ‘ਤੇ ਆਪਣੀ ਪ੍ਰਤਿਭਾ ਪੇਸ਼ ਕਰਨ ਦੀ ਯੋਗਤਾ ਨੂੰ ਹੋਰ ਨਿਖਾਰਨਾ ਸੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵੀ ਬੱਚਿਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

