ਵਿਦਿਆਰਥੀਆਂ ਨੂੰ ਮਹਾਨ ਕ੍ਰਾਂਤੀਕਾਰੀ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਬਾਰੇ ਕਰਵਾਇਆ ਜਾਣੂ
ਕੋਟਕਪੂਰਾ, 17 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈਂ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਮੈਡਮ ਸੀਮਾ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾ ਪ੍ਰਭਜੋਤ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਸੰਘਰਸ਼, ਦੇਸ਼ ਭਗਤੀ ਅਤੇ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਸਰਾਭਾ ਨੇ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਰਵਉੱਚ ਬਲਿਦਾਨ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ, ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
