ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ‘ਖੇਤ ਬਚਾਓ ਮੁਹਿੰਮ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਅਹਿਮ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਦੀ ਟੀਮ ਵੱਲੋਂ ਪਿੰਡ ਸੂਰਘੁਰੀ, ਹਰਦਿਆਲੇਆਣਾ ਅਤੇ ਸਿੱਖਾਂਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨਾਲ ਪਰਾਲੀ ਦੀ ਸੁਚੱਜੀ ਸੰਭਾਲ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਜਾਗਰੂਕਤਾ ਕੈਂਪਾਂ ਵਿੱਚ ਕਿਸਾਨਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਮਿੱਟੀ ਦੀ ਸਿਹਤ ਨੂੰ ਬਿਹਤਰ, ਅਤੇ ਪੰਜਾਬ ਦੀ ਖੇਤੀ ਨੂੰ ਟਿਕਾਊ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।ਇਨ੍ਹਾਂ ਉਪਰਾਲਿਆਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਉਪਜਾਊ ਧਰਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਯਕੀਨੀ ਬਣਾਉਣਾ ਹੈ।

