ਸੀਨੀਅਰ ਵਾਈਸ ਪ੍ਰਧਾਨ ਨੇ ਮਹਾਰਾਜਾ ਰਣਜੀਤ ਸਿੰਘ ਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਕੋਟਕਪੂਰਾ, 23 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਰਬਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ, ਨਗਰ ਕੌਂਸਲ ਕੋਟਕਪੂਰਾ ਦੇ ਸੀਨੀਅਰ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਵੱਲੋਂ ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਤੱਖੀ ਨੇ ਮੌਕੇ ‘ਤੇ ਪਹੁੰਚ ਕੇ ਚੱਲ ਰਹੇ ਕੰਮਾਂ ਦੀ ਗੁਣਵੱਤਾ ਅਤੇ ਰਫ਼ਤਾਰ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸਰਦਾਰ ਤੱਖੀ ਨੇ ਇਲਾਕਾ ਨਿਵਾਸੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਅਤੇ ਮੁਹੱਲੇ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਮੌਕੇ ‘ਤੇ ਪਹੁੰਚ ਕੇ ਸਾਰ ਲੈਣ ਲਈ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।

