ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਬਿਰਧ ਆਸ਼ਰਮ ਵਿੱਚ ਲੰਗਰ ਵਰਤਾ ਕੇ ਦਿੱਤਾ ਸੇਵਾ ਦਾ ਸੰਦੇਸ਼

ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਵਿਰਾਸਤ ਨਾਲ ਜੋੜਨਾ ਹੈ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸਕੂਲ ਦਾ ਸਮੁੱਚਾ ਮਾਹੌਲ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਕੋਟਕਪੂਰਾ ਸਥਿਤ ਬਿਰਧ ਆਸ਼ਰਮ ਵਿੱਚ ਲੰਗਰ ਦੀ ਸੇਵਾ ਕੀਤੀ ਗਈ। ਇਸ ਸੇਵਾ ਦੀ ਖਾਸ ਗੱਲ ਇਹ ਰਹੀ ਕਿ ਸਾਰੇ ਵਿਦਿਆਰਥੀ ਆਪਣੇ-ਆਪਣੇ ਘਰਾਂ ਤੋਂ ਲੰਗਰ ਤਿਆਰ ਕਰਕੇ ਲੈ ਕੇ ਆਏ ਸਨ। ਬੱਚਿਆਂ ਨੇ ਆਸ਼ਰਮ ਵਿੱਚ ਰਹਿ ਰਹੇ ਲੋਕਾਂ ਨੂੰ ਬੜੇ ਪਿਆਰ ਅਤੇ ਸਤਿਕਾਰ ਨਾਲ ਲੰਗਰ ਛਕਾਇਆ। ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸਥਾਨਕ ਲੋਕਾਂ ਅਤੇ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਨਾਲ ਬੱਚਿਆਂ ਵਿੱਚ ਨਿਸ਼ਕਾਮ ਸੇਵਾ ਅਤੇ ਦਾਨ ਦੀ ਭਾਵਨਾ ਨੂੰ ਉਤਸ਼ਾਹ ਮਿਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇਸ ਧਾਰਮਿਕ ਅਤੇ ਵਿਦਿਅਕ ਦੌਰੇ ਦੌਰਾਨ ਬੱਚਿਆਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਗੁਰਪੁਰਬ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿੱਚ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਅਤੇ ਰਕਸ਼ੰਦਾ ਸ਼ਰਮਾ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

