ਆਖਿਆ! ਮੋਗਾ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਜਿੱਤ ਦਾ ਮੁੱਢ ਬੰਨ੍ਹੇਗੀ
ਕੋਟਕਪੂਰਾ/ਫਰੀਦਕੋਟ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ (ਆਪ) ਵੱਲੋਂ ਆਉਂਦੀ 26 ਨਵੰਬਰ ਨੂੰ ਮੋਗਾ ਦੀ ਧਰਤੀ ‘ਤੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਗੁਰਸ਼ਰਨ ਸਿੰਘ ਬਰਾੜ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਸਰਪੰਚ ਗੁਰਸ਼ਰਨ ਸਿੰਘ ਬਰਾੜ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਮੋਗਾ ਦੇ ਇਸ ਮੰਚ ਤੋਂ ਪੰਜਾਬ ਦੇ ਭਵਿੱਖ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਅਹਿਮ ਮਸਲਿਆਂ ਸਬੰਧੀ ਗੱਲ ਰੱਖੀ ਜਾਵੇਗੀ।
ਆਪ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਆਮ ਜਨਤਾ ਦੀ ਸਹੂਲਤ ਲਈ ਕੀਤੇ ਜਾ ਰਹੇ ਕੰਮਾਂ ਸਦਕਾ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਾਲ ਇਕੱਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਦਾ ਮੁੱਢ ਬੰਨ੍ਹਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਅੰਤ ਵਿੱਚ ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਮੋਗਾ ਵਿਖੇ ਪਹੁੰਚ ਕੇ ਇਸ ਰੈਲੀ ਨੂੰ ਸਫਲ ਬਣਾਉਣ।

