ਸੀਪੀਆਈ 1 ਦਸੰਬਰ ਨੂੰ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਵਿਚ ਹੋਵੇਗੀ ਸ਼ਾਮਿਲ : ਕੌਸ਼ਲ
ਫਰੀਦਕੋਟ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਮੇਤ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਇੰਡੀਆ ਗੱਠਜੋੜ ਵਿੱਚ ਸ਼ਾਮਿਲ ਸਭ ਪਾਰਟੀਆਂ ਨੂੰ ਮਿਲ ਕੇ ਲੜਣੀਆਂ ਚਾਹੀਦੀਆਂ ਹਨ। ਗੱਠਜੋੜ ਦੀ ਵੱਡੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਪਾਰਟੀ ਸਿਰ ਇਹ ਜਿੰਮੇਵਾਰੀ ਹੈ ਕਿ ਉਹ ਭਾਜਪਾ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਪੈਦਾ ਕੀਤੇ ਖ਼ਤਰੇ ਦਾ ਟਾਕਰਾ ਕਰਨ ਲਈ ਸੈਕੂਲਰ ਵੋਟਾਂ ਦੀ ਵੰਡ ਨੂੰ ਰੋਕਣ ਵਿੱਚ ਮਹਤਵਪੂਰਨ ਰੋਲ ਅਦਾ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੀ ਜਿਲਾ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵੱਲੋਂ ਕੀਤਾ ਗਿਆ। ਸਾਥੀ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਅਮੋਲਕ ਭਵਨ ਫਰੀਦਕੋਟ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਅਰਸ਼ੀ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਵੋਟਰ ਸੂਚੀਆਂ ਵਿੱਚ ਸੋਧ ਕਰਨ ਦੀ ਆੜ ਹੇਠ ਤੇਰਾਂ ਕਰੋੜ ਤੋਂ ਵੱਧ ਵੋਟਰਾਂ ਤੋਂ ਵੋਟਾਂ ਪਾਉਣ ਦਾ ਹੱਕ ਖੋਹ ਲਿਆ ਹੈ ਜੋ ਹਜਾਰਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਬਾਅਦ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਪਾਰਟੀ ਵੱਲੋਂ ਕੌਮੀ ਅਤੇ ਸਥਾਨਕ ਲੋਕ ਮੁੱਦਿਆਂ ਨੂੰ ਲੈ ਕੇ ਦਸੰਬਰ ਮਹੀਨੇ ਦੇ ਪਹਿਲੇ ਤਿੰਨ ਦਿਨ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਨੂੰ ਲਾਗੂ ਕਰਨ ਲਈ ਜਿਲਾ ਆਗੂਆਂ ਨੂੰ ਤਿਆਰੀ ਕਰਨ ਲਈ ਕਿਹਾ। ਮੀਟਿੰਗ ਨੂੰ ਜ਼ਿਲਾ ਸਕੱਤਰ ਅਸ਼ੋਕ ਕੌਸ਼ਲ, ਮੀਤ ਸਕੱਤਰ ਗੁਰਨਾਮ ਸਿੰਘ ਸਰਪੰਚ, ਮਾਸਟਰ ਗੁਰਚਰਨ ਸਿੰਘ ਮਾਨ, ਗੋਰਾ ਪਿਪਲੀ, ਵੀਰ ਸਿੰਘ ਕੰਮੇਆਣਾ, ਸੁਖਜਿੰਦਰ ਸਿੰਘ ਤੂੰਬੜਭੰਨ, ਹਰਪਾਲ ਸਿੰਘ ਮਚਾਕੀ, ਬੀਬੀ ਸ਼ਸ਼ੀ ਸ਼ਰਮਾ ਅਤੇ ਪ੍ਰਦੀਪ ਸਿੰਘ ਬਰਾੜ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੌਮੀ ਪੱਧਰ ਦੇ ਮੁੱਦਿਆਂ ਦੇ ਨਾਲ-ਨਾਲ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ ਅਤੇ ਪੁਲਸੀਆ ਰਾਜ ਖ਼ਿਲਾਫ਼ ਸੰਘਰਸ਼ ਕਰਨ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਮੰਗ ਕਰਨ ‘ਤੇ ਜੋਰ ਦਿੱਤਾ। ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਦਸੰਬਰ ਨੂੰ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਇਕਠੇ ਹੋਣ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਗਿ੍ਰਫਤਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਮੁਖਤਿਆਰ ਸਿੰਘ ਭਾਣਾ, ਜਗਤਾਰ ਸਿੰਘ ਭਾਣਾ, ਬੋਹੜ ਸਿੰਘ ਅਤੇ ਸ਼ਿਵ ਕੁਮਾਰ ਔਲਖ, ਗੁਰਦੀਪ ਸਿੰਘ ਅਤੇ ਜਸਪਾਲ ਸਿੰਘ ਦੀਪ ਸਿੰਘ ਵਾਲਾ, ਸੁਖਚਰਨ ਸਿੰਘ ਅਤੇ ਗੁਰਦੀਪ ਸਿੰਘ ਭੋਲਾ ਪੀਆਰਟੀਸੀ, ਇੰਦਰਜੀਤ ਸਿੰਘ ਗਿੱਲ, ਸੋਮ ਨਾਥ ਅਰੋੜਾ, ਜਗਤਾਰ ਸਿੰਘ ਰਾਜੋਵਾਲਾ, ਚਰਨਜੀਤ ਸਿੰਘ ਚੰਮੇਲੀ, ਬੂਟਾ ਸਿੰਘ ਅਤੇ ਕੁਲਵੰਤ ਸਿੰਘ ਔਲਖ ਅਤੇ ਮੈਡਮ ਗੁਰਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ। ਇਕ ਮਤਾ ਪਾਸ ਕਰਕੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਉਪਰ ਸੰਗਰੂਰ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

