ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨਵਾਲਾ-ਘਣੀਏਵਾਲਾ ਦੇ ਹੋਣਹਾਰ ਵਿਦਿਆਰਥੀ ਅਕਾਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਪਾਵਰ ਲਿਫਟਿੰਗ ਇੰਡੀਆ ਵੱਲੋਂ ਪਟਿਆਲਾ ਵਿਖੇ ਕਰਵਾਏ ਗਏ ਸਟੇਟ ਪੱਧਰੀ ਪਾਵਰਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਅਕਾਸ਼ਦੀਪ ਸਿੰਘ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਸ ਨੇ ਆਪਣੀ ਪ੍ਰਤਿਭਾ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਜਿੰਦਰ ਸਿੰਘ, ਚੇਅਰਪਰਸਨ ਸ੍ਰੀਮਤੀ ਚਰਨਜੀਤ ਕੌਰ ਗਿੱਲ ਅਤੇ ਮੈਨੇਜਰ ਸ੍ਰੀਮਤੀ ਦਲਜੀਤ ਕੌਰ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦੀ ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ ਮਾਣ ਵਾਲੀ ਗੱਲ ਹੈ, ਸਗੋਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

