ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ (ਆਪ) ਵੱਲੋਂ ਭਲਕੇ 26 ਨਵੰਬਰ ਨੂੰ ਮੋਗਾ ਦੀ ਇਤਿਹਾਸਕ ਧਰਤੀ ‘ਤੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ, ਵਲੰਟੀਅਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਦੀ ਸਫਲਤਾ ਲਈ ਹਲਕਾ ਫਰੀਦਕੋਟ ਅਤੇ ਕੋਟਕਪੂਰਾ ਖੇਤਰ ਵਿੱਚ ਪਾਰਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਹਰਪਾਲ ਸਿੰਘ ਢਿਲਵਾਂ ਸਾਬਕਾ ਜਿਲਾ ਸਿੱਖਿਆ ਅਫਸਰ ਅਤੇ ਜਿਲਾ ਸਕੱਤਰ ਆਮ ਆਦਮੀ ਪਾਰਟੀ ਫਰੀਦਕੋਟ ਨੇ ਪ੍ਰੈੱਸ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਜ਼ਬਰਦਸਤ ਜੋਸ਼ ਹੈ ਅਤੇ ਇਹ ਵਿਸ਼ਾਲ ਇਕੱਠ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਮੋਗਾ ਦੇ ਇਸ ਮੰਚ ਤੋਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਸੁਨਹਿਰੀ ਭਵਿੱਖ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਅਹਿਮ ਮਸਲਿਆਂ ਸਬੰਧੀ ਅਹਿਮ ਵਿਚਾਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਫਰੀਦਕੋਟ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਕਾਫ਼ਲਾ ਮੋਗਾ ਰੈਲੀ ਲਈ ਰਵਾਨਾ ਹੋਵੇਗਾ। ਹਰਪਾਲ ਸਿੰਘ ਢਿੱਲਵਾਂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਮੁਫ਼ਤ ਬਿਜਲੀ, ਸਿੱਖਿਆ, ਸਿਹਤ ਸਹੂਲਤਾਂ ਅਤੇ ਆਮ ਜਨਤਾ ਦੀ ਸਹੂਲਤ ਲਈ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਸਦਕਾ ਸੂਬੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਮੋਗਾ ਦਾ ਇਹ ਇਤਿਹਾਸਕ ਇਕੱਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਸ਼ਾਨਦਾਰ ਜਿੱਤ ਦਾ ਮੁੱਢ ਬੰਨ੍ਹਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਅੰਤ ਵਿੱਚ ਉਨ੍ਹਾਂ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਵੱਧ-ਚੜ੍ਹ ਕੇ ਮੋਗਾ ਵਿਖੇ ਪਹੁੰਚਣ ਅਤੇ ਇਸ ਰੈਲੀ ਨੂੰ ਕਾਮਯਾਬ ਬਣਾਉਣ।

