*ਪਟਵਾਰ ਯੂਨੀਅਨ ਕੋਟਕਪੂਰਾ ਦੀ ਨਵੀਂ ਕਾਰਜਕਾਰਨੀ ਦਾ ਗਠਨ, ਨਿਰਮਲਜੀਤ ਸਿੰਘ ਨੂੰ ਸੌਂਪੀ ਗਈ ਪ੍ਰਧਾਨ ਦੀ ਜਿੰਮੇਵਾਰੀ*
ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਕੋਟਕਪੂਰਾ ਦੀ ਇੱਕ ਵਿਸ਼ੇਸ਼ ਅਤੇ ਅਹਿਮ ਇਕੱਤਰਤਾ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸਾਲ 2026-2028 ਦੇ ਦੋ-ਸਾਲਾ ਕਾਰਜਕਾਲ ਲਈ ਨਵੀਂ ਕਾਰਜਕਾਰਨੀ ਦੀ ਚੋਣ ਪੂਰੀ ਤਰ੍ਹਾਂ ਸਰਬਸੰਮਤੀ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਕੀਤੀ ਗਈ। ਇਸ ਚੋਣ ਪ੍ਰਕਿਰਿਆ ਵਿੱਚ ਤਹਿਸੀਲ ਦੇ ਸਮੂਹ ਪਟਵਾਰੀਆਂ ਨੇ ਭਰਪੂਰ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਯੂਨੀਅਨ ਦੀ ਏਕਤਾ ਦਾ ਸਬੂਤ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ ਨਿਰਮਲਜੀਤ ਸਿੰਘ ਨੂੰ ਤਹਿਸੀਲ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਬਾਕੀ ਅਹੁਦੇਦਾਰਾਂ ਵਿੱਚ ਮਹਿੰਦਰਪਾਲ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਸਰਬਜੋਤ ਸਿੰਘ ਨੂੰ ਜਨਰਲ ਸਕੱਤਰ, ਵਰਿੰਦਰ ਸਿੰਘ ਨੂੰ ਖਜਾਨਚੀ ਅਤੇ ਸੁਸ਼ੀਲ ਕੁਮਾਰ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪੱਧਰ ‘ਤੇ ਤਹਿਸੀਲ ਦੀ ਨੁਮਾਇੰਦਗੀ ਕਰਨ ਲਈ ਨਰੇਸ਼ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਜ਼ਿਲ੍ਹਾ ਮੈਂਬਰ ਵਜੋਂ ਚੁਣਿਆ ਗਿਆ। ਚੋਣ ਉਪਰੰਤ ਸਮੂਹ ਪਟਵਾਰੀ ਸਾਥੀਆਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਤਹਿਸੀਲ ਪ੍ਰਧਾਨ ਨਿਰਮਲਜੀਤ ਸਿੰਘ ਅਤੇ ਸਮੁੱਚੀ ਕਾਰਜਕਾਰਨੀ ਨੇ ਸਮੂਹ ਪਟਵਾਰੀ ਭਾਈਚਾਰੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਫੀਲਡ ਅਤੇ ਦਫ਼ਤਰੀ ਕੰਮਕਾਜ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਚੋਣ ਮੌਕੇ ਤਹਿਸੀਲ ਕੋਟਕਪੂਰਾ ਨਾਲ ਸਬੰਧਤ ਪਟਵਾਰੀ ਸੁਖਦੀਪ ਸਿੰਘ, ਅਮਿਤੋਜ਼ ਢੀਂਗੜਾ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਨਵਨੀਤ ਬੇਦੀ ਸਮੇਤ ਹੋਰ ਵੀ ਕਈ ਪਟਵਾਰੀ ਸਾਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

