ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਆਲ ਪੰਜਾਬ ਡੀ ਐਸ ਟੀ ਸੀ ਟੀ ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਡੀ.ਐੱਸ.ਟੀ. ਅਤੇ ਸੀ.ਟੀ.ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਅਨੁਸਾਰ, ਉਹ ਲਗਭਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਅਕਤੂਬਰ 2026 ਨੂੰ ਸਬ-ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਹਾਲਾਂਕਿ, ਇੰਨਾ ਸਮਾਂ ਬੀਤ ਜਾਣ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਕਾਰਨ ਇੰਸਟ੍ਰਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਯੂਨੀਅਨ ਆਗੂਆਂ ਨੇ ਦੱਸਿਆ ਕਿ ਅਸੀ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੁੱਖ ਮੰਤਰੀ ਸਾਹਿਬ ਨਾਲ, ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਜੀ ਨਾਲ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨਾਲ ਅਤੇ ਹੋਰ ਮੰਤਰੀ ਸਹਿਬਾਨਾਂ ਨਾਲ ਬਹੁਤ ਵਾਰ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀਆਂ ਮੰਗਾ ਮੰਨਣ ਸਬੰਧੀ ਸਰਕਾਰ ਵਲੋ ਕੋਈ ਕਾਰਵਾਈ ਨਹੀਂ ਕੀਤੀ ਗਈ ਪੰਜਾਬ ਦੀਆਂ ਆਈ.ਟੀ. ਆਈਜ.ਵਿੱਚ ਕੰਮ ਕਰਦੇ ਗੈਸਟ ਫੈਕਲਟੀ ਕੱਚੇ ਇੰਸਟਰਕਟਰਾ ਦੇ ਭਵਿੱਖ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ, ਵਾਰ ਵਾਰ ਮੀਟਿੰਗ ਵਿੱਚ ਸਾਡੀਆਂ ਮੰਗਾਂ ਸਬੰਧੀ ਜਿਵੇਂ ਕਿ ਬੇਸਿਕ ਤਨਖਾਹ ‘ਤੇ ਲੈ ਕੇ ਵਿਭਾਗ ਅਧੀਨ ਕਰਨਾ ਅਤੇ ਸੇਵਾ ਸੁਰੱਖਿਆ ਸਬੰਧੀ ਸਾਨੂੰ ਬਹੁਤ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਵੀ ਲਾਰਾ ਲਗਾਇਆ ਜਾ ਰਿਹਾ ਹੈ। ਜਿਸ ਕਰਕੇ ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵੱਲੋ ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਪੂਰੀ ਯੂਨੀਅਨ ਵੱਲੋਂ ਮਿਤੀ 27/11/2026 ਤੋਂ ਕਲਾਸਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ 05/12/2026 ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਜਾਵੇਗਾ ਅਤੇ ਜੇਕਰ ਜਰੂਰਤ ਪੈਂਦੀ ਹੈ ਤਾਂ ਇਸ ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਜੇਕਰ ਕੋਈ ਨੁਕਸਾਨ ਹੁੰਦਾ ਹੈ ਉਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਸਵਰਨ ਸਿੰਘ, ਮਨਜਿੰਦਰ ਸਿੰਘ ਅਮਨਦੀਪ ਸਿੰਘ ਗੁਰਜੀਤ ਸਿੰਘ ਮਨਪ੍ਰੀਤ ਸਿੰਘ ਹਰਜੀਤ ਸਿੰਘ ਸ਼ਮਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ।

