ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐੱਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਵਿਖੇ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਵਾਇਆ ਗਿਆ ਅਤੇ ਸੰਵਿਧਾਨ ਦੇ ਮਹੱਤਵ, ਮੌਲਿਕ ਅਧਿਕਾਰਾਂ, ਫਰਜ਼ਾਂ ਅਤੇ ਸੰਵਿਧਾਨ ਸਭਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਲੇਖ ਲਿਖਣ, ਡਰਾਇੰਗ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਸਨ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਸਿਰਜਣਾਤਮਕਤਾ ਅਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਹੈੱਡਮਾਸਟਰ ਸ੍ਰੀ ਮਨੀਸ਼ ਛਾਬੜਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਸ ਵਿੱਚ ਦਰਜ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਐੱਸ.ਐੱਸ. ਮਿਸਟ੍ਰੈੱਸ ਸ੍ਰੀਮਤੀ ਮੀਨੂ ਦਹਿਆ ਅਤੇ ਸ੍ਰੀਮਤੀ ਮਨਜਿੰਦਰ ਕੌਰ ਭੱਟੀ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ।
