ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੌਣੇ ਤਿੰਨ ਸਾਲ ਦੇ ਰਾਜ ਭਾਗ ਦੌਰਾਨ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਅਤੇ ਕਾਂਗਰਸ ਪਾਰਟੀ ਦੇ ਰਾਜ ਭਾਗ ਦੌਰਾਨ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਲਾਜਮ ਅਤੇ ਪੈਨਸਨਰ ਵਿਰੋਧੀ ਨੀਤੀਆਂ ਤੋਂ ਅੱਕੇ ਹੋਏ ਮਾਲਵੇ ਦੇ ਜਿਲਿਆਂ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੋਹਵਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ 17ਨਵੰਬਰ ਦਿਨ ਐਤਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਗਲੀਆਂ ਅਤੇ ਬਜਾਰਾਂ ਵਿੱਚ ਝੰਡਾ ਮਾਰਚ ਕਰਨ ਲਈ ਵਹੀਰਾਂ ਘੱਤਕੇ ਪਹੁੰਚਣ ਲਈ ਤਿਆਰੀਆਂ ਕਰ ਰਹੇ ਹਨ। ਇਸ ਐਕਸ਼ਨ ਦੀ ਤਿਆਰੀ ਲਈ ਪੰਜਾਬ ਪੈਨਸਨਰਜ ਯੂਨੀਅਨ ਸਬੰਧਤ ਏਟਕ ਜਿਲ੍ਹਾ ਫਰੀਦਕੋਟ ਦੀ ਜਰੂਰੀ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਵਿਖੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਜਰਨੈਲ ਸਿੰਘ ਚਹਿਲ ਸੇਵਾ ਮੁਕਤ ਮੁੱਖ ਅਧਿਆਪਕ ਅਤੇ ਹੋਰ ਵੱਖ-ਵੱਖ ਵਿਅਕਤੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜਿਲ੍ਹਾ ਫਰੀਦਕੋਟ ਦੇ ਸਰਪ੍ਰਸਤ ਅਸੋਕ ਕੌਸਲ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਤੇ ਤਰਸੇਮ ਨਰੂਲਾ ਨੇ ਦੱਸਿਆ ਕਿ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1680 ਸੈਕਟਰ 22ਬੀ, ਚੰਡੀਗੜ੍ਹ ਨਾਲ ਸਬੰਧਤ ਸਮੂਹ ਜਥੇਬੰਦੀਆਂ ਦੇ ਮੁਲਾਜਮ, ਪੈਨਸ਼ਨਰ ਅਤੇ ਆਸਾ ਵਰਕਰਾਂ ਫਰੀਦਕੋਟ ਜਿਲ੍ਹੇ ਦੇ ਪਿੰਡ ਰਾਮੇਆਣਾ ਵਿਖੇ ਸਵੇਰੇ ਠੀਕ 9:30 ਵਜੇ ਇਕੱਠੇ ਹੋ ਕੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਮੱਲਣ, ਦੋਦਾ, ਕੋਟਭਾਈ, ਛੱਤੇਆਣਾ, ਭਾਰੂ ’ਚੋਂ ਦੀ ਝੰਡਾ ਮਾਰਚ ਕਰਦੇ ਹੋਏ ਭਗਵੰਤ ਮਾਨ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਲੋਕ ਵਿਰੋਧੀ ਚਿਹਰਾ ਲੋਕਾਂ ’ਚ ਨੰਗਾ ਕਰਦੇ ਹੋਏ ਕਪਾਹ ਮੰਡੀ ਗਿੱਦੜਬਾਹਾ ਵਿਖੇ ਪਹੁੰਚਣਗੇ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਪੌਣੇ ਤਿੰਨ ਸਾਲਾਂ ਦੇ ਰਾਜ ਭਾਗ ਦੌਰਾਨ ਅਪਣਾਈਆ ਗਈਆਂ ਨੀਤੀਆਂ ਕਾਰਨ, ਝੂਠੀ ਇਸਤਿਹਾਰਬਾਜੀ ਦੇ ਨਾਂ ਦੇ ਕਰੋੜਾਂ ਰੁਪਏ ਖਰਚ ਕਰਨ ਕਾਰਨ ਅਤੇ ਹੋਰਨਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਨਜਾਇਜ ਖਰਚਿਆਂ ਕਾਰਨ ਪੰਜਾਬ ਸਿਰ ਹਜਾਰਾ ਕਰੋੜ ਰੁਪਏ ਦੇ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਤੇ ਖਜਾਨੇ ਦੀ ਹਾਲਤ ਦਿਨੋ ਦਿਨ ਨਿੱਘਰਦੀ ਜਾ ਰਹੀ ਹੈ। ਮੁਲਾਜਮਾ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੰਜਾਬ ਦੇ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵ ਇਨਕੈਸਮਿੰਟ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ ਸਮੂਹ ਕੱਚੇ, ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਹੋਰ ਅਦਾਲਤਾਂ ਵਲੋਂ ਮੁਲਾਜਮਾਂ ਅਤੇ ਪੈਨਸਨਰਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ। ਪੰਜਾਬ ਸਰਕਾਰ ਵਲੋਂ ਇਸ ਮਸਲੇ ਦਾ ਸਹੀ ਹੱਲ ਕਰਨ ਦੀ ਬਜਾਏ ਦਿੱਲੀ ਤੋਂ ਇਨਕਮ ਟੈਕਸ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਰਵਿੰਦ ਮੋਦੀ ਵਰਗਿਆਂ ਨੂੰ ਵਿੱਤ ਵਿਭਾਗ ਦੇ ਮੁੱਖ ਸਲਾਹਕਾਰ ਬਣਾ ਕੇ ਲੋਕਾਂ ਦੇ ਗਲਾਂ ਤੇ ਹੋਰ ਕੈਂਚੀਆਂ ਚਲਾਉਣ ਦੇ ਰਾਹ ਲੱਭੇ ਜਾ ਰਹੇ ਹਨ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰਤ ਮੀਟਿੰਗ ਕਰਕੇ ਮੁਲਾਜਮਾਂ ਤੇ ਪੈਨਸ਼ਨਾਂ ਦੇ ਲਮਕ ਅਵਸਥਾ ’ਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸਨਰ ਆਗੂ ਨਛੱਤਰ ਸਿੰਘ ਭਾਣਾ, ਰਮੇਸ਼ ਢੈਪਈ, ਜਸਵਿੰਦਰ ਸਿੰਘ ਬਰਾੜ ਪੇਂਡੂ ਵਿਕਾਸ ਅਧਿਕਾਰੀ, ਗੇਜ ਰਾਮ ਭੌਰਾ, ਜਸਪਾਲ ਸਿੰਘ, ਮੇਜਰ ਸਿੰਘ, ਹਰਦੀਪ ਸਿੰਘ ਫਿੱਡੂ ਭਲਵਾਨ, ਅਸ਼ੋਕ ਚਾਵਲਾ ਤੇ ਸੁਰਿੰਦਰ ਕੁਮਾਰ ਮੁੰਜਾਲ ਸੁਪਰਡੈਂਟ, ਮੰਦਰ ਸਿੰਘ ਲੈਕਚਰਾਰ, ਜੋਗਿੰਦਰ ਸਿੰਘ ਛਾਬੜਾ ਹਰਦੀਪ ਸਿੰਘ ਲੈਕਚਰਾਰ, ਪਰਮਿੰਦਰ ਸਿੰਘ ਜਟਾਣਾ ਤੇ ਸੁਖਦਰਸ਼ਨ ਸਿੰਘ ਗਿੱਲ ਫਰੀਦਕੋਟ ਆਦਿ ਸਾਮਲ ਸਨ।
