ਖੇਡਾਂ ਸਿਰਫ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਵਿਕਾਸ ਲਈ ਵੀ ਲਾਜ਼ਮੀ ਹਨ : ਡਾ. ਧਵਨ ਕੁਮਾਰ

ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਲ ਦਿਵਸ ਦੇ ਮੌਕੇ ‘ਤੇ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿੱਚ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਜੀ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀ ਜੀਵਨ ਵਿੱਚ ਬਾਲ ਦਿਵਸ ਦੀ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਇਹ ਦਿਨ ਬੱਚਿਆਂ ਦੇ ਹੱਕਾਂ, ਉਹਨਾਂ ਦੀਆਂ ਉਪਲਬਧੀਆਂ ਅਤੇ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਭਾਰਤ ਵਿੱਚ ਇਹ ਦਿਨ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ, ਜੋ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨਾਲ ਸੰਬੰਧਿਤ ਹੈ। ਉਨ੍ਹਾਂ ਨੂੰ ਬੱਚਿਆਂ ਨਾਲ ਪਿਆਰ ਸੀ ਅਤੇ ਉਹਨਾਂ ਨੇ ਬੱਚਿਆਂ ਦੇ ਹੱਕਾਂ ਅਤੇ ਸਿੱਖਿਆ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਇਸ ਸਮਾਰੋਹ ਦੇ ਜਸ਼ਨ ਮੌਕੇ ਡਾਂਸ ਮੁਕਾਬਲੇ ਅਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਖੇਡ ਮੁਕਾਬਲਿਆਂ ਦੇ ਆਯੋਜਨ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਜਗਾਉਣਾ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਈ ਖੇਡ ਮੁਕਾਬਲੇ ਜਿਵੇਂ ਕਿ 100 ਮੀਟਰ ਦੌੜ, ਰਿਲੇ ਦੌੜ, ਲੰਬੀ ਅਤੇ ਉੱਚੀ ਛਾਲ ਤੋਂ ਇਲਾਵਾ ਵਾਲੀਬਾਲ ਅਤੇ ਫੁਟਬਾਲ ਮੈਚ ਵੀ ਕਰਵਾਏ ਗਏ। ਇਸ ਸਪੋਰਟਸ ਇਵੈਂਟ ਵਿੱਚ ਜਮਾਤ ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਜੀ ਦੁਆਰਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਦਿਨ ਬੱਚਿਆਂ ਦੇ ਉਤਸ਼ਾਹ ਨਾਲ ਭਰਪੂਰ ਰਿਹਾ। ਬਾਲ ਦਿਵਸ ‘ਤੇ ਆਯੋਜਿਤ ਕੀਤੇ ਸਪੋਰਟਸ ਇਵੈਂਟ ਦੀ ਸਮਾਪਤੀ ਤੇ ਡਾ. ਧਵਨ ਕੁਮਾਰ ਜੀ ਨੇ ਪ੍ਰੇਰਿਤ ਕਰਦੇ ਹੋਏ ਬੱਚਿਆਂ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਦੀ ਮਹੱਤਤਾ ਬਾਰੇ ਸਮਝਾਇਆ। ਉਨ੍ਹਾਂ ਨੇ ਕਿਹਾ ਕਿ ਖੇਡਾਂ ਸਿਰਫ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਵਿਕਾਸ ਲਈ ਵੀ ਲਾਜ਼ਮੀ ਹਨ। ਇਹ ਸਪੋਰਟਸ ਇਵੈਂਟ ਬੱਚਿਆਂ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਇੱਕ ਮਹੱਤਵਪੂਰਣ ਕਦਮ ਸੀ।