ਬਜੁਰਗਾਂ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ : ਸਿਵਲ ਸਰਜਨ
ਛੋਟੇ ਬੱਚਿਆਂ, ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਦੀ ਦਿੱਤੀ ਸਲਾਹ
ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦਿਆਂ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਵੀ ਸ਼ਾਮਲ ਹੈ। ਫਰੀਦਕੋਟ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਘੱਟੋ-ਘੱਟ ਕਰਮਵਾਰ 1.5 ਅਤੇ 2.0 ਦਰਜ ਕੀਤਾ ਗਿਆ ਹੈ। ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸੀਤ ਲਹਿਰ ਦੇ ਮੱਦੇਨਜਰ ਦੁਪਈਆ ਵਾਹਨ ਦੀ ਵਰਤੋਂ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦਿਆਂੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।