ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਫਰੀਦਕੋਟ , 3 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਬੱਸ ਅੱਡਾ ਫਰੀਦਕੋਟ ਵਿਖੇ ਰੋਡਵੇਜ, ਪਨਬੱਸ, ਪੀਆਰਟੀਸੀ ਠੇਕਾ ਮੁਲਾਜਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਸਰਕਾਰ ਅਤੇ ਮੈਨੇਜਮੈਂਟ ਖਿਲਾਫ ਧਰਨਾ ਦੇ ਕੇ ਨਾਹਰੇਬਾਜੀ ਕੀਤੀ ਗਈ। ਧਰਨਾਕਾਰੀਆਂ ਨੇ ਅਗਾਮੀ ਦਿਨਾ ਵਿੱਚ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ ਕਰਨ ਅਤੇ ਹੜਤਾਲ ’ਤੇ ਜਾਣ ਦੀ ਚਿਤਾਵਨੀ ਵੀ ਦੇ ਦਿੱਤੀ। ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸੂਬਾਈ ਆਗੂ ਹਰਪ੍ਰੀਤ ਸਿੰਘ ਸੋਢੀ ਨੇ ਆਖਿਆ ਕਿ ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਦੇ ਪਿਛਲੇ ਲੰਮੇ ਸਮੇਂ ਤੋਂ ਠੇਕੇ ’ਤੇ ਡਿਊਟੀ ਕਰ ਰਹੇ ਕਰਮਚਾਰੀਆਂ ਦੀਆਂ ਜਾਇਜ ਮੰਗਾਂ ’ਤੇ ਵੀ ਸਰਕਾਰ ਅਤੇ ਮੈਨੇਜਮੈਂਟ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਹਰ ਵਿਭਾਗ ਵਿੱਚ ਨੌਕਰੀ ਕਰਨ ਵਾਲੇ ਕੱਚੇ ਤੇ ਠੇਕਾ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।