ਫਰੀਦਕੋਟ , 3 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਫਰੀਦਕੋਟ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ। ਇਸ ਮੌਕੇ ਪਿੰਡਾਂ ਦੇ ਫੰਡਾਂ ਦਾ ਹਿਸਾਬ ਕਿਤਾਬ ਕੀਤਾ ਗਿਆ ਅਤੇ ਭਖਦੇ ਕਿਸਾਨੀ ਮਸਲਿਆਂ ’ਤੇ ਖੁੱਲ ਕੇ ਚਰਚਾ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਵੱਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਸੂਬਾ ਆਗੂਆਂ ਨੇ ਸੰਯੁਕਤ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਟੋਹਾਣਾ ਅਤੇ ਮੋਗਾ ਵਿਖੇ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਵੱਧ ਤੋਂ ਵੱਧ ਲਾਮਬੰਦੀ ਕਰਨ ਲਈ ਜ਼ਿਲ੍ਹਾ, ਬਲਾਕ ਅਤੇ ਇਕਾਈਆਂ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਿਸਾਨੀ ਘੋਲ ਦੌਰਾਨ ਰੱਦ ਕਰਵਾਏ ਖੇਤੀ ਕਾਨੂੰਨਾਂ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਪੱਬਾਂ ਭਾਰ ਹੈ ਅਤੇ ਇਸ ਸਬੰਧੀ ਕੇਂਦਰ ਵੱਲੋਂ ਰਾਜ ਸਰਕਾਰਾਂ ਨੂੰ ਖੇਤੀ ਖਰੜੇ ਜਾਰੀ ਕੀਤੇ ਗਏ ਹਨ ਅਤੇ ਇਹਨਾਂ ਰੈਲੀਆਂ ਦਾ ਮੁੱਖ ਮੰਤਵ ਜਾਰੀ ਕੀਤੇ ਖੇਤੀਂ ਖਰੜੇ ਰੱਦ ਕਰਵਾਉਣ ਅਤੇ ਪਿਛਲੇ ਲੰਮੇ ਸਮੇਂ ਤੋਂ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਫੌਰਮਾਂ ਨੂੰ ਉਹਨਾਂ ਦੇ ਦਿੱਲੀ ਜਾਣ ਦੇ ਜਮਹੂਰੀ ਹੱਕਾਂ ਨੂੰ ਕੁਚਲਨ ਅਤੇ ਦਿੱਲੀ ਵੱਲ ਕੂਚ ਕਰਦੇ ਕਿਸਾਨਾਂ ’ਤੇ ਜਬਰ ਕਰਨ ਦੇ ਵਿਰੋਧ ਵਿੱਚ ਹੈ। ਇਸ ਮੌਕੇ ਬੁਲਾਰਿਆਂ ਨੇ ਇਹਨਾਂ ਰੈਲੀਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।

