ਕੋਟਕਪੂਰਾ, 7 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਨੂੰ ਵੀ ਆਪਣੇ ਸਰਕਾਰੀ ਕੰਮਾਂ ਜਾਂ ਹੋਰ ਸਮੱਸਿਆਵਾਂ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ ਪ੍ਰੋਗਰਾਮ’ ਰਾਹੀਂ ਉਹ ਸਿੱਧੇ ਤੌਰ ’ਤੇ ਜਨਤਾ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰਤ ਹੱਲ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਕੋਲ ਆਏ ਹਨ। ਜਿਸ ਨੂੰ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਾਰੇ ਵਰਗਾਂ ਦੀ ਭਲਾਈ, ਬਿਹਤਰੀ, ਰਾਜ ਦੀ ਤਰੱਕੀ ਅਤੇ ਵਿਕਾਸ ਲਈ ਵਚਨਬੱਧ ਹੈ ਤੇ ਪੰਜਾਬ ਸਰਕਾਰ ਵੱਲੋਂ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ’ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਰਾਜ ਦੇ ਚਹੁੰ-ਪੱਖੀ ਵਿਕਾਸ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।