ਕਾਰਜਕਾਰੀ ਇੰਜਨੀਅਰ ਜਲ ਤੇ ਸਪਲਾਈ ਵਲੋਂ ਵਾਅਦਾ ਕਰਕੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ
ਫਰੀਦਕੋਟ , 16 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਮੁੱਖ ਦਫਤਰ 1680 ਸੈਕਟਰ 22ਬੀ ਚੰਡੀਗੜ੍ਹ, ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਇਕਬਾਲ ਸਿੰਘ ਢੁੱਡੀ ਜ਼ਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਰੀਦਕੋਟ ਦੇ ਕੱਚੇ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਜਿਵੇਂ ਕਿ ਲੇਟ ਤਨਖਾਹਾਂ ਮਿਲਣਾ, ਈ.ਪੀ.ਐੱਫ. ਨਾ ਕੱਟੇ ਜਾਣ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਵਰਣਨ ਯੋਗ ਹੈ ਕਿ ਇਹ ਕੱਚੇ ਮੁਲਾਜ਼ਮ ਜਲ ਸਪਲਾਈ ਵਿਭਾਗ ਵਿੱਚ ਪਿਛਲੇ 10-15 ਸਾਲਾਂ ਤੋਂ ਆਪਣੀਆਂ ਸੇਵਾਵਾਂ ਵੱਖ-ਵੱਖ ਠੇਕੇਦਾਰਾਂ ਦੇ ਅਧੀਨ ਨਿਭਾਅ ਰਹੇ ਹਨ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਦੱਸਿਆ ਕਿ ਇਹਨਾਂ ਕੱਚੇ ਮੁਲਾਜ਼ਮਾਂ ਦਾ ਅਫਸਰ ਸ਼ਾਹੀ ਅਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਅਸੀਂ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਹਨ ਪਰ ਇਹਨਾਂ ਕੱਚੇ ਮੁਲਾਜ਼ਮਾਂ ਦਾ ਭਵਿੱਖ ਧੁੰਦਲਾ ਜਾਪ ਰਿਹਾ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਫਰੀਦਕੋਟ ਵੱਲੋਂ 18 ਦਸੰਬਰ ਨੂੰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਜਥੇਬੰਦੀ ਨੇ ਮੰਗ ਕੀਤੀ ਸੀ ਕਿ ਮੇਨ ਪਾਵਰ ਦਾ ਟੈਂਡਰ ਆਨਲਾਈਨ ਲਾਇਆ ਜਾਵੇ।