ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
26 ਜਨਵਰੀ ਨੂੰ ਗਣਤੰਤਰਤਾ ਦਿਵਸ ’ਤੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਝਾਕੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਝਾਕੀਆਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਏ.ਡੀ.ਸੀ. ਨਰਭਿੰਦਰ ਸਿੰਘ ਗਰੇਵਾਲ ਇਨ੍ਹਾਂ ਝਾਕੀਆਂ ਨੂੰ ਚੈੱਕ ਕਰਨਗੇ ਅਤੇ ਨੋਡਲ ਅਫ਼ਸਰ ਹੋਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਤੈਅ ਸਮੇਂ ਵਿੱਚ ਪੂਰੀ ਕਰਨ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡੀ.ਈ.ਓ. ਐਲੀਮੈਂਟਰੀ ਪਵਨ ਕੁਮਾਰ, ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਨਵਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗਬਾਨੀ, ਐਕਸੀਅਨ ਹਰਿੰਦਰ ਸਿੰਘ ਚਾਹਲ ਪਾਵਰਕਾਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।