ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਬੱਚੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾ ਰਹੇ ਹਨ। ਉਸੇ ਲੜੀ ਨੂੰ ਅੱਗੇ ਤੋਰਦਿਆਂ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚੋਂ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੇ ਬੱਚਿਆਂ ਨੇ ਮੋਹਰੀ ਸਥਾਨ ਹਾਸਲ ਕੀਤੇ ਹਨ ਜਿਸ ਵਿੱਚ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਅਤੇ ਚੌਥੀ ਜਮਾਤ ਦੀ ਗੁਰਨੂਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੱਠਵੀ ਜਮਾਤ ਦੀਆਂ ਵਿਦਿਆਰਥਣਾਂ ਗੁਰਸੀਰਤ ਕੌਰ ਅਤੇ ਨਿਤਨੇਮ ਕੌਰ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਅਧਿਆਪਕਾਂ ਦਾ ਮਾਣ ਵਧਾਇਆ। ਸਕੂਲ ਦੇ ਪ੍ਰਿੰਸੀਪਲ ਸ. ਸੁਰਿੰਦਰ ਸਿੰਘ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਸ਼ਾਨਾਮੱਤੀਆਂ ਪਰੰਪਰਾਵਾਂ ਨਾਲ ਜੋੜੀ ਰੱਖਣਾ ਅਧਿਆਪਕਾਂ ਦਾ ਮੁੱਢਲਾ ਫਰਜ਼ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਜਸਬੀਰ ਸਿੰਘ ਸੰਧੂ ਨੇ ਵਧਾਈ ਸੰਦੇਸ਼ ਭੇਜਿਆ ਅਤੇ ਨਾਲ ਹੀ ਸਕੂਲ ਪ੍ਰਿੰਸੀਪਲ, ਕੋਆਰਡੀਨੇਡਰ ਅਤੇ ਸਬੰਧਕ ਅਧਿਆਪਕਾਂ ਦੀ ਸ਼ਲਾਘਾ ਕੀਤੀ।
